For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਗਿ੍ਰਫਤਾਰੀ ’ਤੇ ਕੋਈ ਟਿੱਪਣੀ ਨਹੀਂ ਕਰੇਗੀ ਪੰਜਾਬ ਕਾਂਗਰਸ

06:33 AM Mar 27, 2024 IST
ਕੇਜਰੀਵਾਲ ਦੀ ਗਿ੍ਰਫਤਾਰੀ ’ਤੇ ਕੋਈ ਟਿੱਪਣੀ ਨਹੀਂ ਕਰੇਗੀ ਪੰਜਾਬ ਕਾਂਗਰਸ
Advertisement

* ਸੂਬਾਈ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਹੋਇਆ ਫ਼ੈਸਲਾ
* ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਸੰਭਾਵੀ ਉਮੀਦਵਾਰਾਂ ਬਾਰੇ ਹੋਈ ਚਰਚਾ

Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਾਰਚ
ਪੰਜਾਬ ਕਾਂਗਰਸ ਦੀ ਇੱਥੇ ਅੱਜ ਹੋਈ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਚੋਣਾਂ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਪੰਜਾਬ ਕਾਂਗਰਸ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮੁੱਦੇ ’ਤੇ ਕੋਈ ਹਮਾਇਤ ਨਹੀਂ ਕਰੇਗੀ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪਾਰਟੀ ਦੇ ਸਾਰੇ ਸੀਨੀਅਰ ਲੀਡਰ ਮੌਜੂਦ ਸਨ। ਕਾਂਗਰਸ ਦੀ ਸਕਰੀਨਿੰਗ ਕਮੇਟੀ ਵੱਲੋਂ ਪਹਿਲਾਂ ਹੀ ਹਲਕਾਵਾਰ ਪੈਨਲ ਤਿਆਰ ਕੀਤੇ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਕਾਂਗਰਸ ਦੀ ਮੀਟਿੰਗ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮਾਮਲੇ ’ਤੇ ਵਿਚਾਰ ਚਰਚਾ ਕੀਤੀ ਗਈ। ਸੂਤਰਾਂ ਅਨੁਸਾਰ ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਸਪੱਸ਼ਟ ਕਿਹਾ ਕਿ ਸੂਬਾਈ ਲੀਡਰਸ਼ਿਪ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮਾਮਲੇ ’ਚ ਕੋਈ ਟਿੱਪਣੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਪੰਜਾਬ ਵਿਚ ਇਸ ਮੁੱਦੇ ’ਤੇ ‘ਆਪ’ ਦੀ ਕੋਈ ਹਮਾਇਤ ਕੀਤੀ ਜਾਵੇਗੀ। ਲੀਡਰਾਂ ਨੇ ਕਿਹਾ ਕਿ ‘ਇੰਡੀਆ ਗੱਠਜੋੜ’ ਦੀ ਲੀਡਰਸ਼ਿਪ ਆਪਣੇ ਪੱਧਰ ’ਤੇ ਜੋ ਮਰਜ਼ੀ ਕਰੇ ਪਰ ਪੰਜਾਬ ਵਿੱਚ ਇਸ ਮੁੱਦੇ ’ਤੇ ਕੁਝ ਨਹੀਂ ਬੋਲਿਆ ਜਾਵੇਗਾ। ਮੀਟਿੰਗ ਵਿਚ ‘ਆਪ’ ਸਰਕਾਰ ਵੱਲੋਂ ਕਾਂਗਰਸੀ ਆਗੂਆਂ ’ਤੇ ਦਰਜ ਕੀਤੇ ਕੇਸਾਂ ਦਾ ਹਵਾਲਾ ਦਿੱਤਾ ਗਿਆ ਤੇ ਇੱਕ ਸਾਬਕਾ ਮੰਤਰੀ ਨੇ ਇੱਥੋਂ ਤੱਕ ਆਖ ਦਿੱਤਾ ਕਿ ਉਸ ਖ਼ਿਲਾਫ ਪੇਸ਼ ਕੀਤੇ ਚਲਾਨ ਨੂੰ ਦੇਖੋਗੇ ਤਾਂ ਸੱਚ ਪਤਾ ਲੱਗ ਜਾਵੇਗਾ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਸੂਬਾਈ ਲੀਡਰਸ਼ਿਪ ਨੇ ਆਪਣਾ ਸਪੱਸ਼ਟ ਸਟੈਂਡ ਦੱਸ ਦਿੱਤਾ। ਚੇਤੇ ਰਹੇ ਕਿ 31 ਮਾਰਚ ਨੂੰ ‘ਇੰਡੀਆ ਬਲਾਕ’ ਵੱਲੋਂ ਦਿੱਲੀ ਦੇ ਰਾਮ ਲੀਲਾ ਮੈਦਾਨ ’ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਕਾਂਗਰਸ ਦੀ ਮੀਟਿੰਗ ’ਚ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੀ ਪੂਰਾ ਨਿਸ਼ਾਨੇ ’ਤੇ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਪਾਰਟੀ ਆਗੂਆਂ ਨੂੰ ਆਉਂਦੇ ਦਿਨਾਂ ਵਿਚ ਪੰਜਾਬ ਦੇ ਚੋਣ ਪਿੜ ਵਿਚ ਵਿਰੋਧੀਆਂ ’ਤੇ ਹੱਲਾ ਬੋਲ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਗਿਆ ਹੈ। ਅੱਜ ਕੁਝ ਕਮੇਟੀਆਂ ਦੇ ਗਠਨ ਨੂੰ ਲੈ ਕੇ ਵੀ ਚਰਚਾ ਹੋਈ ਹੈ। ਸਿਆਸੀ ਹਲਕਿਆਂ ਵਿਚ ਚਰਚਾ ਰਹੀ ਕਿ ‘ਆਪ’ ਤੇ ਕਾਂਗਰਸ ’ਚ ਸਮਝੌਤਾ ਹੋ ਸਕਦਾ ਹੈ, ਪਰ ਇਸ ਚਰਚਾ ਨੂੰ ਪਾਰਟੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ। ਅੱਜ ਦੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਨ ਆਸ਼ੂ, ਸਾਬਕਾ ਮੰਤਰੀ ਪਰਗਟ ਸਿੰਘ ਹਾਜ਼ਰ ਸਨ।

ਵਿਰੋਧੀਆਂ ਖ਼ਿਲਾਫ਼ ਹਮਲਾਵਰ ਰੁਖ਼ ਅਖਤਿਆਰ ਕਰਾਂਗੇ: ਯਾਦਵ

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਦਾ ਕਹਿਣਾ ਸੀ ਕਿ ਲੋਕ ਸਭਾ ਚੋਣਾਂ ਵਿਚ ਸਾਰੀਆਂ ਵਿਰੋਧੀ ਧਿਰਾਂ ਖ਼ਿਲਾਫ਼ ਉਨ੍ਹਾਂ ਦੀ ਹਮਲਾਵਰ ਮੁਹਿੰਮ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਚੋਣਾਂ ਨੂੰ ਲੈ ਕੇ ਕਮੇਟੀਆਂ ਦੇ ਗਠਨ ਆਦਿ ਦੇ ਮਾਮਲੇ ਵਿਚਾਰੇ ਗਏ ਹਨ ਤਾਂ ਜੋ ਚੋਣਾਂ ਵਿਚ ਮੁਹਿੰਮ ਭਖਾਈ ਜਾ ਸਕੇ।

ਸੰਗਰੂਰ ਤੋਂ ਖਹਿਰਾ ਹੋ ਸਕਦੇ ਨੇ ਉਮੀਦਵਾਰ

ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸੇ ਤਰ੍ਹਾਂ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ। ਜਲੰਧਰ ਹਲਕੇ ਤੋਂ ਚਰਨਜੀਤ ਚੰਨੀ ਨੂੰ ਉਮੀਦਵਾਰ ਐਲਾਨਿਆ ਜਾਣਾ ਲਗਭਗ ਤੈਅ ਹੈ ਜਦਕਿ ਫਰੀਦਕੋਟ ਹਲਕੇ ਤੋਂ ਸਥਾਨਕ ਉਮੀਦਵਾਰ ਉਤਾਰਨ ਦਾ ਫ਼ੈਸਲਾ ਹੈ।

Advertisement
Author Image

joginder kumar

View all posts

Advertisement
Advertisement
×