Punjab Farmers: ਕੇਂਦਰ ਨਾਲ ਮੀਟਿੰਗ ’ਚੋਂ ਪੰਜਾਬ ਦੇ ਨੁਮਾਇੰਦੇ ਬਾਹਰ ਰੱਖਣ ਲਈ ਕਿਸਾਨ ਬਜ਼ਿੱਦ
ਆਤਿਸ਼ ਗੁਪਤਾ
ਚੰਡੀਗੜ੍ਹ, 3 ਮਈ
ਕੇਂਦਰ ਸਰਕਾਰ ਨਾਲ 4 ਮਈ ਨੂੰ ਚੰਡੀਗੜ੍ਹ ’ਚ ਹੋਣ ਵਾਲੀ ਮੀਟਿੰਗ ਰੱਦ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਆਗੂਆਂ ਨੇ ਆਪਣੀ ਮੰਗ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਨਾਲ ਮੀਟਿੰਗ ’ਚੋਂ ਪੰਜਾਬ ਸਰਕਾਰ ਦੇ ਨੁਮਾਇੰਦੇ ਨੂੰ ਬਾਹਰ ਰੱਖਿਆ ਜਾਵੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਚਿੱਠੀ ਲਿੱਖ ਕੇ 4 ਮਈ ਦੀ ਮੀਟਿੰਗ ਰੱਦ ਕੀਤੀ ਹੈ। ਇਸ ਚਿੱਠੀ ਵਿੱਚ ਕੇਂਦਰ ਸਰਕਾਰ ਨੇ ਹਵਾਲਾ ਦਿੱਤਾ ਹੈ ਕਿ ਮੀਟਿੰਗ ਵਿੱਚ ਸੂਬਾ ਸਰਕਾਰ ਦੇ ਆਗੂਆਂ ਦਾ ਬੈਠਣਾ ਦੇਸ਼ ਦੇ ਸੰਘੀ ਢਾਂਚੇ ਲਈ ਵਧੇਰੇ ਜ਼ਰੂਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਿਸ ਨੇ ਅੱਜ ਤੱਕ ਸਿੱਖਿਆ ਨੀਤੀ, ਖੇਤੀ ਨੀਤੀ, ਜੀਐੱਸਟੀ ਸਣੇ ਰਾਜਾਂ ਦੇ ਅਧਿਕਾਰਾਂ ਨੂੰ ਖਤਮ ਕਰਨ ਦਾ ਕੰਮ ਕੀਤਾ ਹੈ, ਉਸ ਵੱਲੋਂ ਦੇਸ਼ ਦੇ ਸੰਘੀ ਢਾਂਚੇ ਦੀ ਗੱਲ ਕੀਤੀ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 19 ਮਾਰਚ ਨੂੰ ਮੀਟਿੰਗ ਤੋਂ ਬਾਅਦ ਕਿਸਾਨਾਂ ਨੂੰ ਧੋਖੇ ਨਾਲ ਹਿਰਾਸਤ ਵਿਚ ਲਿਆ ਅਤੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚਿਆਂ ਨੂੰ ਉਖਾੜ ਦਿੱਤਾ ਹੈ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਦਾ ਸਾਮਾਨ ਵੀ ਖੁਰਦ-ਬੁਰਦ ਕਰ ਦਿੱਤਾ ਹੈ। ਅਜਿਹੀ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਦੂਰ ਰੱਖਣ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਮੁੜ ਤੋਂ ਕੇਂਦਰ ਸਰਕਾਰ ਨੂੰ ਪੱਤਰ ਲਿੱਖ ਕੇ ਮੀਟਿੰਗ ਦੀ ਅਗਲੀ ਤਾਰੀਖ ਤੈਅ ਕੀਤੀ ਜਾਵੇਗੀ।
ਇਸ ਮੌਕੇ ਜਸਵਿੰਦਰ ਸਿੰਘ ਲੌਂਗੋਵਾਲ, ਸੁਖਜੀਤ ਸਿੰਘ ਹਰਦੋ ਝੰਡੇ, ਬਲਦੇਵ ਸਿੰਘ ਜ਼ੀਰਾ, ਅਭਿਮੰਨਿਊ ਕੋਹਾੜ, ਮਨਜੀਤ ਸਿੰਘ ਰਾਏ, ਸੁਖਦੇਵ ਸਿੰਘ ਭੋਜਰਾਜ, ਸੁਖਵਿੰਦਰ ਕੌਰ, ਦਿਲਬਾਗ ਸਿੰਘ ਹਰੀਗੜ੍ਹ ਸਿੰਘ, ਮਲਕੀਤ ਸਿੰਘ ਗੁਲਾਮੀਵਾਲਾ, ਗੁਰਅਮਨੀਤ ਸਿੰਘ ਮਾਂਗਟ, ਤੇਜਵੀਰ ਸਿੰਘ ਪੰਜੋਖਰਾ, ਗੁਰਧਿਆਨ ਸਿੰਘ ਭਟੇੜੀ, ਨਸੀਬ ਸਿੰਘ ਅਤੇ ਕੰਵਰਦਲੀਪ ਸੈਦੋਲੇਹਲ ਮੌਜੂਦ ਸਨ।
ਆਗੂਆਂ ਵੱਲੋਂ 6 ਨੂੰ ਸ਼ੰਭੂ ਥਾਣੇ ਦੇ ਘਿਰਾਓ ਦਾ ਐਲਾਨ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ 6 ਮਈ ਨੂੰ ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 19 ਤੇ 20 ਮਾਰਚ ਨੂੰ ਸ਼ੰਭੂ ਤੇ ਖਨੌਰੀ ਮੋਰਚਾ ਉਠਾਉਣ ਵੇਲੇ ਕਿਸਾਨ, ਮਜ਼ਦੂਰ ਤੇ ਬੀਬੀਆਂ ਨਾਲ ਕੁੱਟਮਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਟਰਾਲੀਆਂ ਤੇ ਹੋਰ ਸਾਮਾਨ ਲੱਭਣ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਸਿਆਸੀ ਰੰਜਿਸ਼ ਤਹਿਤ ਦਰਜ ਕਰਵਾਏ ਪਰਚੇ ਰੱਦ ਕੀਤੇ ਜਾਣ। ਕਿਸਾਨਾਂ ਦਾ ਸਾਮਾਨ ਚੋਰੀ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤੇ ਜਾਣ ਤੇ ਚੋਰੀ ਹੋਏ ਸਾਮਾਨ ਦੀ ਭਰਪਾਈ ਪੰਜਾਬ ਸਰਕਾਰ ਤੋਂ ਕਰਵਾਈ ਜਾਵੇ।