For the best experience, open
https://m.punjabitribuneonline.com
on your mobile browser.
Advertisement

ਪਹਾੜੀ ਰਾਜਾਂ ਵਾਂਗ ਪੰਜਾਬ ਨੂੰ ਮਿਲੇ ਸਨਅਤੀ ਪੈਕੇਜ: ਮਾਨ

07:22 AM Oct 24, 2024 IST
ਪਹਾੜੀ ਰਾਜਾਂ ਵਾਂਗ ਪੰਜਾਬ ਨੂੰ ਮਿਲੇ ਸਨਅਤੀ ਪੈਕੇਜ  ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਰਕਸ਼ਾਪ ਦੌਰਾਨ ਨੀਤੀ ਆਯੋਗ ਦੇ ਇੱਕ ਮੈਂਬਰ ਨਾਲ ਨੁਕਤਾ ਸਾਂਝਾ ਕਰਦੇ ਹੋਏ।
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 23 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸਨਅਤੀ ਵਿਕਾਸ ਲਈ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਤੋਂ ਅੱਜ ਪੰਜਾਬ ਲਈ ਗੁਆਂਢੀ ਪਹਾੜੀ ਰਾਜਾਂ ਦੀ ਤਰਜ਼ ’ਤੇ ਸਨਅਤੀ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਨੂੰ ਵੀ ਪਹਾੜੀ ਸੂਬਿਆਂ ਵਾਂਗ ਰਿਆਇਤਾਂ ਅਤੇ ਛੋਟਾਂ ਮਿਲ ਸਕਣ। ਨੀਤੀ ਆਯੋਗ ਦੇ ਵਾਈਸ ਚੇਅਰਮੈਨ ਸੁਮਨ ਬੇਰੀ ਅਤੇ ਹੋਰ ਮੈਂਬਰ ਅੱਜ ਚੰਡੀਗੜ੍ਹ ਵਿਚ ਸਨ, ਜਿਨ੍ਹਾਂ ਅੱਗੇ ਮੁੱਖ ਮੰਤਰੀ ਨੇ ਪੰਜਾਬ ਦਾ ਕੇਸ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜਿੱਥੋਂ ਦੇ ਕਿਸਾਨ ਤੇ ਜਵਾਨ ਦੇ ਯੋਗਦਾਨ ਦੇ ਮੱਦੇਨਜ਼ਰ ਇਸ ਸੂਬੇ ਦੇ ਉਦਯੋਗਿਕ ਵਿਕਾਸ ਲਈ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਅਤੇ ਸਬਸਿਡੀਆਂ ਮਿਲਣੀਆਂ ਜ਼ਰੂਰੀ ਹਨ।
ਮੁੱਖ ਮੰਤਰੀ ਨੇ ਇੱਥੇ ਐੱਮ.ਐੱਸ.ਐੱਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਕਿਹਾ ਕਿ ਪਹਾੜੀ ਖੇਤਰਾਂ ਨੂੰ ਰਿਆਇਤਾਂ ਮਿਲਣ ਦਾ ਅਸਰ ਪੰਜਾਬ ’ਤੇ ਪਿਆ ਹੈ, ਜਿਸ ਕਰਕੇ ਸੂਬੇ ਦਾ ਸਨਅਤੀ ਵਿਕਾਸ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਵਿਸ਼ਵ ਪੱਧਰ ਦੇ ਪ੍ਰਤੀਯੋਗੀ ਬਣਨ ਅਤੇ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦਾ ਲਾਭ ਉਠਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲਗਪਗ 2 ਲੱਖ ਐੱਮਐੱਸਐੱਮਈਜ਼ ਦਾ ਮਜ਼ਬੂਤ ਆਧਾਰ ਹੈ, ਜੋ ਰੁਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਪੋਰਟਲ ਵਿਆਪਕ ਆਨਲਾਈਨ ਪਲੇਟਫ਼ਾਰਮ ਹੈ, ਜੋ ਸੰਭਾਵੀ ਨਿਵੇਸ਼ਕਾਂ ਅਤੇ ਸਰਕਾਰ ਨੂੰ 23 ਵਿਭਾਗਾਂ ਦੀਆਂ 140 ਤੋਂ ਵੱਧ ਰੈਗੂਲੇਟਰੀ ਸੇਵਾਵਾਂ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਜੁਲਾਈ 2023 ਵਿੱਚ ਉਦਯੋਗਾਂ ਦੇ ਸੁਝਾਅ ਲੈਣ ਲਈ ਵੱਟਸਐਪ ਹੈਲਪ ਲਾਈਨ ਨੰਬਰ ਸ਼ੁਰੂ ਕੀਤਾ ਗਿਆ ਸੀ ਅਤੇ ਉਦਯੋਗਾਂ ਤੋਂ 1600 ਤੋਂ ਵੱਧ ਸੁਝਾਅ ਪ੍ਰਾਪਤ ਹੋਏ ਸਨ।
ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਇਨਬਿਲਟ ਸੀਐੱਲਯੂ ਨਾਲ ਸੇਲ ਡੀਡ ਦੀ ਰਜਿਸਟਰੇਸ਼ਨ ਵਾਸਤੇ ਗ੍ਰੀਨ ਸਟੈਂਪ ਪੇਪਰ ਬਾਰੇ ਜਾਣੂ ਕਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉੱਦਮੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਲਈ ਵਿਸ਼ੇਸ਼ ਤੌਰ ’ਤੇ ਰੇਲ ਗੱਡੀਆਂ ਕਿਰਾਏ ’ਤੇ ਲੈਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਿਰਮਾਤਾਵਾਂ ਦੇ ਮਾਲ ਨੂੰ ਆਰਥਿਕ ਤੌਰ ’ਤੇ ਨਜ਼ਦੀਕੀ ਕਾਂਡਲਾ ਬੰਦਰਗਾਹ ’ਤੇ ਭੇਜ ਕੇ ਉਨ੍ਹਾਂ ਦੇ ਮੁਨਾਫ਼ੇ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ’ਤੇ ਮੁੱਖ ਮੰਤਰੀ ਅਤੇ ਨੀਤੀ ਆਯੋਗ ਦੇ ਉਪ ਚੇਅਰਮੈਨ ਨੇ ਇੱਕ ਕਿਤਾਬਚਾ ਵੀ ਜਾਰੀ ਕੀਤਾ। ਵਰਕਸ਼ਾਪ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਹਾਜ਼ਰ ਸਨ।

Advertisement

ਖੇਤੀ ਤੇ ਉਦਯੋਗਿਕ ਖੇਤਰ ਦੇ ਸਬੰਧਾਂ ਨੂੰ ਲਾਭਕਾਰੀ ਬਣਾਉਣ ਦਾ ਵੇਲਾ: ਬੇਰੀ

ਨੀਤੀ ਆਯੋਗ ਦੇ ਵਾਈਸ ਚੇਅਰਮੈਨ ਸੁਮਨ ਬੇਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸੂਬੇ ਵਿੱਚ ਖੇਤੀ ਅਤੇ ਉਦਯੋਗਿਕ ਖੇਤਰ ਦੇ ਸਬੰਧਾਂ ਨੂੰ ਲਾਭਕਾਰੀ ਬਣਾਇਆ ਜਾਵੇ। ਉਨ੍ਹਾਂ ਰਾਜ ਦੀ ਆਰਥਿਕਤਾ ਦੇ ਸਰਵਪੱਖੀ ਵਿਕਾਸ ਲਈ ਇਨ੍ਹਾਂ ਖੇਤਰਾਂ ਲਈ ਇੱਕ ਏਕੀਕ੍ਰਿਤ ਰਣਨੀਤੀ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

Advertisement

Advertisement
Author Image

Advertisement