For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ’ਤੇ ਮਾਘੀ ਕਾਨਫਰੰਸ ਲਈ ਅੜਿੱਕੇ ਖੜ੍ਹੇ ਕਰਨ ਦਾ ਦੋਸ਼

07:50 AM Jan 07, 2025 IST
ਪੰਜਾਬ ਸਰਕਾਰ ’ਤੇ ਮਾਘੀ ਕਾਨਫਰੰਸ ਲਈ ਅੜਿੱਕੇ ਖੜ੍ਹੇ ਕਰਨ ਦਾ ਦੋਸ਼
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜਨਵਰੀ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਕਿ ਮਾਘੀ ਮੌਕੇ ਮੁਕਤਸਰ ਵਿੱਚ ਵੱਡੀ ਕਾਨਫਰੰਸ ਕਰਕੇ ਨਵੀਂ ਪੰਥਕ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਅੱਜ ਇਥੇ ਪੱਤਰਕਾਰ ਸੰਮੇਲਨ ਵਿੱਚ ਇਸ ਦਾ ਖੁਲਾਸਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਾਨਫਰੰਸ ਕਰਨ ਖ਼ਿਲਾਫ਼ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਕਾਨੂੰਨ ਦੇ ਘੇਰੇ ਹੇਠ ਹੈ ਅਤੇ ਇਸ ਵਿੱਚ ਕੁਝ ਵੀ ਸਰਕਾਰ ਜਾ ਦੇਸ਼ ਵਿਰੋਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਘੀ ਮੌਕੇ ਕੀਤੇ ਜਾਣ ਵਾਲੀ ਕਾਨਫਰੰਸ ਵਿੱਚ ਇੱਕ ਨਵੀਂ ਪੰਥਕ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਨਾਮ ਬਾਰੇ ਚਰਚਾ ਕੀਤੀ ਜਾ ਰਹੀ ਹੈ ਪਰ ਫਿਲਹਾਲ ਇਸ ਦਾ ਐਲਾਨ ਉਸ ਮੌਕੇ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਇਸ ਪੰਥਕ ਪਾਰਟੀ ਦੀ ਰੂਪਰੇਖਾ ਅਤੇ ਅਗਲੀ ਰਣਨੀਤੀ ਤੈਅ ਕਰੇਗੀ। ਨਵੀਂ ਪੰਥਕ ਪਾਰਟੀ ਬਣਾਉਣ ਦੇ ਮੰਤਵ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੂੰ ਇਸ ਵੇਲੇ ਲੋਕਾਂ ਨੇ ਨਕਾਰ ਦਿੱਤਾ ਹੈ। ਇਸ ਕਾਰਨ ਕੌਮ ਵੱਲੋਂ ਇੱਕ ਅਜਿਹੀ ਪਾਰਟੀ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ , ਜੋ ਸਿੱਖ ਰਾਜਨੀਤੀ ਦੀ ਦਸ਼ਾ ਅਤੇ ਦਿਸ਼ਾ ਨੂੰ ਨਿਰਧਾਰਿਤ ਕਰੇ। ਉਨ੍ਹਾਂ ਕਿਹਾ ਕਿ ਇਸ ਪੰਥਕ ਪਾਰਟੀ ਵਿੱਚ ਸਾਰੀਆਂ ਪੰਜਾਬ ਹਿਤੈਸ਼ੀ ਧਿਰਾਂ ਨੂੰ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਦੀਆਂ ਅਹਿਮ ਮੰਗਾਂ ’ਤੇ ਧਿਆਨ ਦਿੱਤਾ ਜਾਵੇਗਾ ਕਿਉਂਕਿ ਇਸ ਵੇਲੇ ਪੰਜਾਬ ਦੇ ਹੱਕ ਖੁਸਦੇ ਜਾ ਰਹੇ ਹਨ ,ਜਿਨ੍ਹਾਂ ਨੂੰ ਬਚਾਉਣਾ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਨਵੀਂ ਪੰਥਕ ਪਾਰਟੀ ਵਿੱਚ ਨੌਜਵਾਨਾਂ ਅਤੇ ਨਵੇਂ ਚਿਹਰਿਆਂ ਨੂੰ ਤਰਜੀਹ ਦਿੱਤੀ ਜਾਵੇਗੀ ,ਕਿਉਂਕਿ ਲੋਕ ਬੇਅਦਬੀ ਕਰਨ ਵਾਲਿਆਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਵਿੱਚ ਸਾਰੇ ਪੰਜਾਬੀ ਚਾਹੇ ਉਹ ਕਿਸੇ ਵੀ ਧਰਮ ਜਾਂ ਵਰਗ ਨਾਲ ਸਬੰਧਿਤ ਹੋਣ ਸ਼ਾਮਲ ਹੋ ਸਕਣਗੇ। ਕਾਨਫਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਸ਼ਾਮਲ ਹੋਣ ਦੀਆਂ ਚਰਚਾਵਾਂ ’ਤੇ ਰੋਕ ਲਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਸੰਭਾਵਨਾ ਨਹੀਂ ਹੈ।

Advertisement

Advertisement
Advertisement
Author Image

sukhwinder singh

View all posts

Advertisement