Dallewal: ਡੱਲੇਵਾਲ ਨੇ ਪਾਣੀ ਸਵੀਕਾਰ ਕੀਤਾ, ਮਰਨ ਵਰਤ ਰਹੇਗਾ ਜਾਰੀ
ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਮਾਰਚ
ਪਿਛਲੇ ਦਿਨਾਂ ਤੋਂ ਇੱਥੇ ਪਾਰਕ ਹਸਪਤਾਲ ਵਿਖੇ ਜ਼ੇਰੇ ਇਲਾਜ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਵੱਲੋਂ ਸਾਰੇ ਕਿਸਾਨਾਂ ਦੀ ਰਿਹਾਈ ਹੋ ਜਾਣ ਉਪਰੰਤ ਪਾਣੀ ਦਾ ਵਰਤ ਤੋੜ ਦਿੱਤਾ ਹੈ। ਜਿਸ ਦੌਰਾਨ ਰਿਟਾਇਰਡ ਏਡੀਜੀਪੀ ਜਸਕਰਨ ਸਿੰਘ ਅਤੇ ਰਿਟਾਇਰਡ ਡੀਆਈਜੀ ਨਰਿੰਦਰ ਭਾਰਗਵ ਨੇ ਉਨਾਂ ਨੂੰ ਪਾਣੀ ਪਿਲਾਇਆ। ਇਸ ਮੌਕੇ ਉਹਨਾਂ ਦੀ ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਦੋ ਹੋਰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਅਤੇ ਕੋਹਾੜ ਵੀ ਮੌਜੂਦ ਹਨ।
ਦੱਸ ਦਈਏ ਕਿ ਸਰਕਾਰ ਵੱਲੋਂ ਮੋਰਚਿਆਂ ਖ਼ਿਲਾਫ਼ ਕੀਤੀ ਕਾਰਵਾਈ ਦੇ ਰੋਸ ਵਜੋਂ ਡੱਲੇਵਾਲ ਨੇ 19 ਮਾਰਚ ਤੋਂ ਪਾਣੀ ਪੀਣਾ ਵੀ ਛੱਡ ਦਿੱਤਾ ਸੀ ਅਤੇ ਨਾ ਹੀ ਉਹ ਟਰੀਟਮੈਂਟ ਲੈ ਰਹੇ ਸਨ। ਕਿਸਾਨਾਂ ਦੀ ਰਿਹਾਈ ਉਪਰੰਤ ਅੱਜ ਤੋਂ ਉਨ੍ਹਾਂ ਨੇ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਤੇ ਟਰੀਟਮੈਂਟ ਲੈਣ ਦੀ ਸਹਿਮਤੀ ਵੀ ਦੇ ਦਿੱਤੀ ਹੈ। ਪਰ ਆਗੂ ਦਾ ਕਹਿਣਾ ਕਿ ਉਨ੍ਹਾਂ ਦਾ ਮਰਨ ਵਰਤ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।
ਉਧਰ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ਼ੁੱਕਰਵਾਰ ਨੂੰ ਪਾਣੀ ਸਵੀਕਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ 26 ਨਵੰਬਰ 2024 ਤੋਂ ਕਿਸਾਨਾਂ ਦੀਆਂ ਮੰਗਾਂ ਜਿਨ੍ਹਾਂ ਵਿੱਚ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ਾ ਮੁਆਫ਼ੀ, ਭੂਮੀ ਪ੍ਰਾਪਤੀ ਐਕਟ, 2013 ਦੀ ਬਹਾਲੀ ਅਤੇ 2020-21 ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਸ਼ਾਮਲ ਹੈ, ਲਈ ਮਰਨ ਵਰਤ ’ਤੇ ਹਨ।