Punjab News: ਪੰਜਾਬ ਸਰਕਾਰ ਨੇ ਕਿਸਾਨਾਂ ਤੇ ਪਾਣੀਆਂ ਦੇ ਮਸਲੇ ਵਿਸਾਰੇ: ਰਾਜੇਵਾਲ
ਆਤਿਸ਼ ਗੁਪਤਾ
ਚੰਡੀਗੜ੍ਹ, 14 ਨਵੰਬਰ
Punjab News: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ, ਪੰਜਾਬ ਦੇ ਮਸਲਿਆਂ ਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਲੈ ਕੇ ਦਸੰਬਰ ਮਹੀਨੇ ਵਿੱਚ ਰਾਜਧਾਨੀ ਚੰਡੀਗੜ੍ਹ ਵਿੱਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਹ ਗੱਲ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੇ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨਾਂ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਪੰਜਾਬ ਦੇ ਮੁੱਦਿਆਂ ਨੂੰ ਸ਼ੁਰੂ ਤੋਂ ਨਜ਼ਰ-ਅੰਦਾਜ਼ ਕੀਤਾ ਗਿਆ ਹੈ। ਸ੍ਰੀ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਹੈ। ਇਸੇ ਕਰਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਹਨ। ਹੁਣ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ 10 ਏਕੜ ਜ਼ਮੀਨ ਦੇਣ ਦਾ ਫੈਸਲਾ ਕਰ ਲਿਆ ਹੈ। ਕੇਂਦਰ ਸਰਕਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਕਬਜ਼ਾ ਕਰਨੀ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 16 ਨਵੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨਾਲ ਵਿਚਾਰ ਕਰ ਕੇ ਦਸੰਬਰ ਮਹੀਨੇ ਵਿੱਚ ਚੰਡੀਗੜ੍ਹ ਵਿੱਚ ਹੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।