ਪੰਜਾਬ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ: ਭੱਲਾ
ਨਿੱਜੀ ਪੱਤਰ ਪ੍ਰੇਰਕ
ਭਾਈ ਰੂਪਾ, 11 ਜਨਵਰੀ
‘ਪੰਜਾਬ ਸਰਕਾਰ ਤੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀ ਕਾਨੂੰਨਾਂ ਦੇ ਖਰੜੇ ਨੂੰ ਰੱਦ ਕਰ ਕੇ ਪੰਜਾਬ ਤੇ ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਪਿੰਡ ਕੋਠਾ ਗੁਰੂ ਵਿੱਚ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਹਕੂਮਤ ਟੇਢੇ ਢੰਗ ਰਾਹੀਂ ਖੇਤੀ ਕਾਨੂੰਨਾਂ ਨੂੰ ਪੰਜਾਬ ’ਚ ਲਾਗੂ ਕਰਨਾ ਚਾਹੁੰਦੀ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਦੀ ਇਸ ਚਾਲ ਨੂੰ ਫੇਲ੍ਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਫ਼ਸਲਾਂ ਦੇ ਮੰਡੀਕਰਨ ਦਾ ਬਹੁਤ ਚੰਗਾ ਪ੍ਰਬੰਧ ਹੈ, ਪਰ ਕੇਂਦਰ ਇਸ ਨੂੰ ਤਹਿਸ ਨਹਿਸ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਕੇਂਦਰੀ ਹਕੂਮਤ ਪੰਜਾਬ ਦੇ ਮੰਡੀਕਰਨ ਪ੍ਰਬੰਧ ਨੂੰ ਹੋਰਨਾਂ ਸੂਬਿਆਂ ’ਚ ਵੀ ਲਾਗੂ ਕਰਦੀ ਪਰ ਇੱਕ ਸਾਜ਼ਿਸ਼ ਤਹਿਤ ਮੰਡੀਕਰਨ ਪ੍ਰਬੰਧਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਦੇਣਾ ਕਿਸਾਨ ਵਿਰੋਧੀ ਹੈ। ਇਸ ਮੌਕੇ ਬਲਾਕ ਪ੍ਰਧਾਨ ਪਾਲਾ ਢਿੱਲੋਂ ਤੇ ਹੋਰ ਆਗੂ ਹਾਜ਼ਰ ਸਨ।