ਪੰਜਾਬ ਸਰਕਾਰ ਵੱਲੋਂ ਐੱਸਕੇੇਐੱਮ (ਆਲ ਇੰਡੀਆ) ਨੂੰ ਗੱਲਬਾਤ ਦਾ ਸੱਦਾ
ਜੋਗਿੰਦਰ ਸਿੰਘ ਮਾਨ
ਮਾਨਸਾ, 20 ਮਾਰਚ
ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਭਲਕੇ 21 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ (ਆਲ ਇੰਡੀਆ) ਦੇ ਆਗੂਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ।
ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਪੰਜਾਬ ਚੈਪਟਰ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਪੱਤਰ ਅਨੁਸਾਰ ਇਹ ਮੀਟਿੰਗ ਭਲਕੇ (ਸ਼ੁੱਕਰਵਾਰ ਨੂੰ) ਪੰਜਾਬ ਭਵਨ ਸੈਕਟਰ 3 ਵਿਚ ਸ਼ਾਮ ਨੂੰ ਚਾਰ ਵਜੇ ਨਿਸ਼ਚਿਤ ਕੀਤੀ ਗਈ ਹੈ। ਇਸੇ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਹਾਮੀ ਭਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹਮੇਸ਼ਾ ਦੀ ਤਰ੍ਹਾਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ।