ਭਾਜਪਾ ਵੱਲੋਂ ਚਲਾਈ ਜਾ ਰਹੀ ਹੈ ਪੰਜਾਬ ਸਰਕਾਰ: ਅਮਰ ਸਿੰਘ
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 2 ਅਪਰੈਲ
ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਾਇਲੋ ਦੇ ਹੱਕ ’ਚ 26 ਮਾਰਕੀਟ ਕਮੇਟੀਆਂ ਨੂੰ ਬੰਦ ਕਰਨ ਦੇ ਹੁਕਮਾਂ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਆਮ ਆਦਮੀ ਪਾਰਟੀ ਜੋ 5 ਮਿੰਟ ’ਚ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਗੱਲ ਕਰਦੀ ਸੀ, ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਖੇਤੀ ਕਾਨੂੰਨਾਂ ’ਚੋਂ ਇਕ ਨੂੰ ਪੰਜਾਬ ’ਚ ਚੋਰ ਦਰਵਾਜ਼ੇ ਰਾਹੀਂ ਲਾਗੂ ਕਰ ਦਿੱਤਾ ਹੈ। ਅਜਿਹਾ ਕਰਕੇ ਇੱਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ਸੂਬਾ ਸਰਕਾਰ ਭਾਜਪਾ ਦੁਆਰਾ ਚਲਾਈ ਜਾ ਰਹੀ ਹੈ। ਡਾ. ਸਿੰਘ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਮੰਡੀਆਂ ਦੇ ਨਿੱਜੀਕਰਨ ਅਤੇ ਕਿਸਾਨਾਂ ਤੋਂ ਸਿੱਧੇ ਨਿੱਜੀ ਕੰਪਨੀਆਂ ਨੂੰ ਖਰੀਦ ਕਰਨ ਦੀ ਇਜਾਜ਼ਤ ਦੇਣ ਸਬੰਧੀ ਖੇਤੀ ਕਾਨੂੰਨਾਂ ਨੂੰ ਮੂਲ ਰੂਪ ਵਿੱਚ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਸਿਰਫ਼ ਕਿਸਾਨਾਂ ਤੱਕ ਹੀ ਸੀਮਤ ਨਹੀਂ ਹਨ, ਆੜ੍ਹਤੀਆਂ, ਮੰਡੀ ਮਜ਼ਦੂਰਾਂ, ਟਰੱਕ ਡਰਾਈਵਰਾਂ ਅਤੇ ਹੋਰ ਬਹੁਤ ਸਾਰੇ ਲੋਕ ਇਸ ’ਤੇ ਨਿਰਭਰ ਹਨ। ਉਨ੍ਹਾਂ ‘ਆਪ’ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦੀ ਨਿਖੇਧੀ ਕੀਤੀ।