ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਮਾਨ
ਮਿਹਰ ਸਿੰਘ
ਕੁਰਾਲੀ, 10 ਅਗਸਤ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਅੱਜ ਪਿੰਡ ਖਿਜ਼ਰਾਬਾਦ ਦੀ ਛਿੰਝ ਕਮੇਟੀ ਨੂੰ ਦੋ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕੇ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿਛਲੇ ਨੁਮਾਇੰਦੇ ਵੀ ਪਿਛਲੀਆਂ ਸਰਕਾਰਾਂ ਸਮੇਂ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਅ ਸਕੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਦੇ ਫੰਡ ਲੰਬੇ ਸਮੇਂ ਤੋਂ ਰੋਕੇ ਹੋਏ ਹਨ ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਪੱਖ ਤੋਂ ਪੰਜਾਬ ਨੂੰ ਲੀਹ ’ਤੇ ਲਿਆਉਣ ਵਿੱਚ ਜੁਟੀ ਹੋਈ ਹੈ। ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ ਸਤਿਕਾਰ ਦੇ ਰਹੀ ਹੈ।
ਇਸ ਮੌਕੇ ਛਿੰਝ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸਰਪੰਚ ਗੁਰਿੰਦਰ ਸਿੰਘ, ‘ਆਪ’ ਆਗੂ ਰਾਣਾ ਕੁਸ਼ਲਪਾਲ, ਬਲਜਿੰਦਰ ਸਿੰਘ ਭੇਲੀ ਆਦਿ ਹਾਜ਼ਰ ਸਨ।