For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਭਗਤ ਸਿੰਘ ਦੇ ਸੁਫਨਿਆਂ ਦਾ ਦੇਸ਼ ਸਿਰਜਣ ਲਈ ਵਚਨਬੱਧ: ਸੌਂਦ

07:20 AM Sep 29, 2024 IST
ਪੰਜਾਬ ਸਰਕਾਰ ਭਗਤ ਸਿੰਘ ਦੇ ਸੁਫਨਿਆਂ ਦਾ ਦੇਸ਼ ਸਿਰਜਣ ਲਈ ਵਚਨਬੱਧ  ਸੌਂਦ
ਖਟਕੜ ਕਲਾਂ ’ਚ ਸ਼ਹੀਦ ਭਗਤ ਸਿੰਘ ਯਾਦਗਾਰੀ ਸਮਾਰਕ ’ਤੇ ਨਮਨ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।
Advertisement

ਸੁਰਜੀਤ ਮਜਾਰੀ
ਨਵਾਂਸ਼ਹਿਰ, 28 ਸਤੰਬਰ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ ਦਾ ਮਾਣ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਹ ਗੱਲ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕਰਨ ਮੌਕੇ ਕਹੀ।
ਸਮੁੱਚੇ ਦੇਸ਼ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਇਸ ਮਹਾਨ ਸ਼ਹੀਦ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸਮੁੱਚਾ ਪੰਜਾਬ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮੁੜ ਤੋਂ ਮੇਲੇ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਹਿਤ ਅੱਜ ਤੋਂ ਖਟਕੜ ਕਲਾਂ ਵਿਖੇ ਸ਼ੁਰੂ ਹੋ ਰਿਹਾ ਦੋ ਦਿਨਾ ‘ਇਨਕਲਾਬ ਮੇਲਾ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਵਿਚ ਸਹਾਈ ਹੋਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਬੁੱਤ ਨੂੰ ਨਮਨ ਕੀਤਾ।
ਕੈਬਨਿਟ ਮੰਤਰੀ ਨੇ ਇਨਕਲਾਬ ਮੇਲੇ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮੋਹਿੰਦਰ ਭਗਤ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਡਾ. ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੋ ਦਿਨਾ ਮੇਲੇ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਮੇਲੇ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਨਾਟਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਪ੍ਰਦਰਸ਼ਨੀਆਂ ਤੇ ਸਟਾਲ ਵੀ ਲਗਾਏ ਗਏ ਹਨ। ਇਸੇ ਤਰ੍ਹਾਂ ਖਾਣ-ਪੀਣ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਇਸ ਮੌਕੇ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਉਪ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਜਲਾਲਪੁਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ, ਅਦਾਕਾਰ ਬੀਨੂੰ ਢਿੱਲੋਂ ਤੇ ਦੇਵ ਖਰੋੜ ਆਦਿ ਸਣੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।

Advertisement

ਸ਼ਹੀਦ ਦੇ ਪਰਿਵਾਰਕ ਮੈਂਬਰਾਂ ਤੇ ਪੈਰਾ-ਓਲੰਪੀਅਨਾਂ ਦਾ ਸਨਮਾਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਦੇ ਪੈਰਾ ਓਲੰਪੀਅਨਾਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਭਗਤ ਸਿੰਘ ਦੀ ਘੋੜੀ ਅਤੇ ਮਲਵਈ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

Advertisement

Advertisement
Author Image

sanam grng

View all posts

Advertisement