ਪੰਜਾਬ ਸਰਕਾਰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੀ: ਵਿੱਜ
ਰਤਨ ਸਿੰਘ ਢਿੱਲੋਂ
ਅੰਬਾਲਾ, 6 ਜਨਵਰੀ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਪੰਜਾਬ ਸਰਕਾਰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੀ। ਉਹ ਪੰਜਾਬ ਦੇ ਹਾਲਾਤ ਵਿਗੜਨ ਦੀ ਉਡੀਕ ਕਰ ਰਹੀ ਹੈ। ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਸਬੰਧੀ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਇਹ ਪੰਜਾਬ ਦਾ ਮਾਮਲਾ ਹੈ ਅਤੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕੀ ਮਨਸ਼ਾ ਹੈ ਅਤੇ ਉਹ ਕੀ ਚਾਹੁੰਦੀ ਹੈ, ਕੁਝ ਨਹੀਂ ਪਤਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਹੀ ਢੰਗ ਨਾਲ ਕਮੇਟੀ ਦਾ ਗਠਨ ਕੀਤਾ ਹੈ ਪਰ ਪੰਜਾਬ ਸਰਕਾਰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੀ, ਉਹ ਪੰਜਾਬ ਦੇ ਹਾਲਾਤ ਵਿਗੜਨ ਲਈ ਕਿਸੇ ਦਿਨ ਦੀ ਉਡੀਕ ਕਰ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਿਆਨ ਕਿ ‘ਭਾਜਪਾ ਨੇ ਦਿੱਲੀ ਲਈ ਕੁਝ ਨਹੀਂ ਕੀਤਾ’ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਵਿੱਜ ਨੇ ਕਿਹਾ ਕਿ ਕੇਜਰੀਵਾਲ ‘ਭ੍ਰਿਸ਼ਟਾਚਾਰ’ ਦੇ ਨਾਂ ’ਤੇ ਸੱਤਾ ਵਿੱਚ ਆਏ ਸਨ ਅਤੇ ਅੱਜ ਉਹ ਇਸੇ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੇਜਰੀਵਾਲ ਜੇਲ੍ਹ ਤੋਂ ਬਾਹਰ ਹਨ ਪਰ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ, ਉਹ ਬਰੀ ਨਹੀਂ ਹੋਏ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ।