ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰੱਬ ਆਸਰੇ ਛੱਡਿਆ: ਬਾਜਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਸੂਬਾ ਸਰਕਾਰ ਨੂੰ ਘੇਰਿਆ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਪਿਛਲੇ ਦਿਨੀਂ ਪੰਜਾਬ ਦੀਆਂ ਮੰਡੀਆਂ ਵਿੱਚ ਦੌਰਾ ਕਰਕੇ ਦੇਖਿਆ ਕਿ ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨਾਂ ਨੂੰ ਮੰਡੀਆਂ ’ਚ ਰੁਲਣਾ ਪੈ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਲਈ ਬੁਨਿਆਦੀ ਸਹੁੂਲਤਾਂ ਦਾ ਪ੍ਰਬੰਧ ਵੀ ਨਹੀਂ ਕੀਤਾ ਗਿਆ। ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ ਤੇ ਮੰਡੀਆਂ ਵਿੱਚ ਕੋਈ ਮੰਤਰੀ, ਵਿਧਾਇਕ ਤੇ ਚੇਅਰਮੈਨ ਨਹੀਂ ਜਾ ਰਿਹਾ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮੇਂ ਰਹਿੰਦੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਕੇਂਦਰ ਸਰਕਾਰ ਕੋਲ ਚੁੱਕਿਆ ਹੀ ਨਹੀਂ। ਇਸੇ ਕਰਕੇ ਪੰਜਾਬ ਵਿੱਚ ਅਜਿਹੇ ਹਾਲਾਤ ਬਣੇ ਹੋਏ ਹਨ। ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਚੁਕਾਈ, ਬਾਰਦਾਨਾ ਤੇ ਹੋਰ ਬੁਨਿਆਦੀ ਸਹੁੂਲਤਾਂ ਦੀ ਘਾਟ ਹੈ ਪਰ ਸੂਬਾ ਸਰਕਾਰ ਕਿਸਾਨਾਂ ਦੀ ਗੱਲ ਕਰਨ ਲਈ ਤਿਆਰ ਹੀ ਨਹੀਂ। ਉਨ੍ਹਾਂ ਕਿਹਾ ਕਿ ਪੀਆਰ-126 ਦਾ ਮੁੱਖ ਮੰਤਰੀ ਨੇ ਸਭ ਤੋਂ ਵੱਧ ਪ੍ਰਚਾਰ ਕੀਤਾ ਸੀ ਪਰ ਅੱਜ ਪੀਆਰ-126 ਦੀ ਵਿਕਰੀ ਨਾ ਹੋਣ ਕਰ ਕੇ ਸਰਕਾਰ ਪੀਆਰ-126 ਦੇ ਨਾਮ ’ਤੇ ਕਿਸਾਨਾਂ ਨੂੰ ਗੁਮਰਾਹ ਕਰਨ ਲੱਗੀ ਹੋਈ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਤਿੰਨ ਸਾਲਾਂ ਬਾਅਦ ਯਾਦ ਆਇਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵਿੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਿੰਨ ਸਾਲਾਂ ਵਿੱਚ ਮੰਡੀਆਂ ਵਿੱਚ ਦਾਖ਼ਲ ਨਹੀਂ ਹੋਏ ਅਤੇ ਨਾ ਹੀ ਮੁੱਖ ਮੰਤਰੀ ਰਹਿੰਦਿਆਂ ਕਦੇ ਮੰਡੀ ਵਿੱਚ ਗਏ।
ਬਾਜਵਾ ਨੇ ਕਿਹਾ ਕਿ ਸਰਕਾਰ ਨੇ ਦੇਸੀ ਮਸ਼ੀਨਾਂ ਰਾਹੀਂ ਝੋਨੇ ਦੀ ਨਮੀ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਕਰਕੇ ਝੋਨੇ ਦੀ ਨਮੀ ਦੀ ਸਹੀ ਮਾਤਰਾ ਦਾ ਪਤਾ ਨਹੀਂ ਲੱਗ ਪਾਉਂਦਾ ਅਤੇ ਕਿਸਾਨਾਂ ਦੀ ਫਸਲ ’ਚ ਵਾਧੂ ਨਮੀ ਦਿਖਾਈ ਜਾਂਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਭੇਜੀ ਜਾਂਦੀ ਹਾਈਟੈੱਕ ਮਸ਼ੀਨਾਂ ਰਾਹੀਂ ਨਮੀ ਦੀ ਜਾਂਚ ਕਰੇ। ਸ੍ਰੀ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ।