ਪੰਜਾਬ ਸਰਕਾਰ ਕਿਸਾਨਾਂ ਦੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇ: ਸੈਣੀ
ਚੰਡੀਗੜ੍ਹ, 13 ਦਸੰਬਰ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਰਿਆਣਾ 'ਚ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਇਹ ਐਲਾਨ ਕਰਨਾ ਚਾਹੀਦਾ ਹੈ ਕਿ 'ਆਪ' ਸ਼ਾਸਿਤ ਸੂਬੇ ’ਚ ਕਿਸਾਨਾਂ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਜਾਵੇਗੀ।
ਇੱਥੇ ਇੱਕ ਦਸਤਕਾਰੀ ਪ੍ਰਦਰਸ਼ਨੀ ਦੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ 10 ਸਾਲਾਂ ਦੌਰਾਨ ਕਿਸਾਨਾਂ ਦੇ ਭਲੇ ਲਈ ਕੀਤੇ ਗਏ ਕੰਮ ਇਤਿਹਾਸਕ ਹਨ। ਮਰਨ ਵਰਤ ’ਤੇ ਬੈਠੇ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਹਰ ਕਿਸਾਨ ਲਈ ਘੱਟੋ-ਘੱਟ ਸਮਰਥਨ ਮੁੱਲ ਜਿਉਣ ਦੇ ਮੌਲਿਕ ਅਧਿਕਾਰ ਵਾਂਗ ਹੈ |
ਸੈਣੀ ਨੇ ਕਿਹਾ ਜਦੋਂ ਪੰਜਾਬ ਦੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਤਾਂ ਪੰਜਾਬ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਕਰੇਗੀ। ਹਰਿਆਣਾ ਵਿੱਚ ਅਸੀਂ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਰਹੇ ਹਾਂ ਅਤੇ ਸੂਬਾ ਸਰਕਾਰ ਅਜਿਹਾ ਹਰ ਕਦਮ ਚੁੱਕ ਰਹੀ ਹੈ ਜੋ ਕਿਸਾਨਾਂ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਹੋਰ ਸੰਗਠਨ ਜੋ ਵਿਰੋਧੀ ਧਿਰ ਦੇ ਇੰਡੀਆ ਗੱਠਜੋੜ ਦਾ ਹਿੱਸਾ ਹਨ, ਹਰ ਚੀਜ਼ ’ਤੇ ਰਾਜਨੀਤੀ ਕਰਦੇ ਹਨ। ਪੀਟੀਆਈ