ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰੇ ਪੰਜਾਬ ਸਰਕਾਰ: ਸਰੀਨ
ਗੁਰਿੰਦਰ ਸਿੰਘ
ਲੁਧਿਆਣਾ, 30 ਅਕਤੂਬਰ
ਭਾਰਤੀ ਜਨਤਾ ਪਾਰਟੀ ਨੇ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਸਬੰਧੀ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾਏ ਜਾਣ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਬਿਆਨਬਾਜ਼ੀ ਤੁਰੰਤ ਬੰਦ ਕਰ ਕੇ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰੇ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੀ ਨਾਲਾਇਕੀ ਕਾਰਨ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਰੁਲ਼ ਰਿਹਾ ਹੈ ਜਦਕਿ ਸਰਕਾਰ ਆਪਣੀ ਅਸਫ਼ਲਤਾ ਨੂੰ ਛੁਪਾਉਣ ਲਈ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਦੋਸ਼ੀ ਠਹਿਰਾ ਕੇ ਕਿਸਾਨਾਂ ਨੂੰ ਗੁਮਰਾਹ ਕਰ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫ਼ਸਲ ਦੀ ਖਰੀਦ, ਉਸ ਦੀ ਲਿਫਟਿੰਗ ਅਤੇ ਸਟੋਰੇਜ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਪੰਜਾਬ ਸਰਕਾਰ ਨੂੰ 41 ਹਜ਼ਾਰ 339 ਕਰੋੜ ਰੁਪਏ ਕਈ ਮਹੀਨੇ ਪਹਿਲਾਂ ਹੀ ਭੇਜ ਦਿੱਤੇ ਗਏ ਸਨ। ਇਸ ਤੋਂ ਇਲਾਵਾ ਸਾਲ 2023 ਵਿੱਚ ਕੇਂਦਰ ਨੇ ਪੰਜਾਬ ਸਰਕਾਰ ਨੂੰ ਝੋਨੇ ਦਾ ਭੰਡਾਰ ਕਰਨ ਲਈ 31 ਲੱਖ ਟਨ ਦੀ ਸਟੋਰੇਜ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦਿੱਤੀ ਸੀਪਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਸਟੋਰੇਜ ਦਾ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਟੈਂਡਰ ਨਹੀਂ ਲਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਡਾ. ਸਤੀਸ਼ ਕੁਮਾਰ ਅਤੇ ਨਵਲ ਜੈਨ ਹਾਜ਼ਰ ਸਨ।