ਪੰਜਾਬ ਸਰਕਾਰ ਵੱਲੋਂ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪੰਜਾਬ ਰੋਡਵੇਜ਼, ਪਨਬਸ ਦੀਆਂ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ ਕੀਤਾ ਗਿਆ ਹੈ। ਇਹ ਸਮਝੌਤਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ (ਸਟੇਟ ਟਰਾਂਸਪੋਰਟ) ਤੇ ਐੱਮਡੀ (ਪਨਬਸ) ਰਾਜੀਵ ਕੁਮਾਰ ਗੁਪਤਾ ਅਤੇ ਇੰਡੀਅਨ ਆਇਲ ਦੇ ਕਾਰਜਕਾਰੀ ਡਾਇਰੈਕਟਰ ਤੇ ਸਟੇਟ ਹੈੱਡ ਆਸ਼ੂਤੋਸ਼ ਗੁਪਤਾ ਵੱਲੋਂ ਕੀਤਾ ਗਿਆ ਹੈ। ਸ੍ਰੀ ਭੁੱਲਰ ਨੇ ਕਿਹਾ ਕਿ ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਸਰਕਾਰੀ ਖਜ਼ਾਨੇ ਨੂੰ ਲਗਪਗ 90 ਕਰੋੜ ਰੁਪਏ ਦੀ ਬੱਚਤ ਹੋਵੇਗੀ।
ਉਨ੍ਹਾਂ ਕਿਹਾ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਨੇ 2,550 ਰੁਪਏ ਪ੍ਰਤੀ ਕਿਲੋ ਲਿਟਰ ਛੋਟ ਦੀ ਪੇਸ਼ਕਸ਼ ਕੀਤੀ ਹੈ ਜੋ ਸਾਲ 2019 ਵਿੱਚ ਹੋਏ ਸਮਝੌਤੇ ਨਾਲੋਂ 570 ਰੁਪਏ ਪ੍ਰਤੀ ਕਿਲੋ ਲਿਟਰ ਵੱਧ ਹੈ। ਪਿਛਲੀ ਵਾਰ ਸਾਲ 2019 ਵਿੱਚ 1980 ਰੁਪਏ ਪ੍ਰਤੀ ਕਿਲੋ ਲਿਟਰ ਦੀ ਛੋਟ ਨਾਲ ਸਮਝੌਤਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਪੈਸੇ ਦੀ ਬੱਚਤ ਕਰਦਿਆਂ ਯਾਤਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਟਰਾਂਸਪੋਰਟ ਦੇ ਵਧੀਕ ਮੁੱਖ ਸਕੱਤਰ ਡੀਕੇ ਤਿਵਾੜੀ ਨੇ ਕਿਹਾ ਕਿ ਇਹ ਸਮਝੌਤਾ ਵਿਆਪਕ ਵਿਚਾਰ-ਵਟਾਂਦਰੇ ਅਤੇ ਗੱਲਬਾਤ ਦਾ ਨਤੀਜਾ ਹੈ ਜਿਸ ਨਾਲ ਅਗਲੇ ਪੰਜ ਸਾਲਾਂ ਵਿੱਚ ਵੱਡੀ ਰਾਸ਼ੀ ਦੀ ਬੱਚਤ ਹੋਵੇਗੀ।