ਪੰਜਾਬ ਸਰਕਾਰ ਦੀ ਟੀਮ ਮੁੜ ਡੱਲੇਵਾਲ ਨੂੰ ਮਿਲੀ
ਚੰਡੀਗੜ੍ਹ/ਪਟਿਆਲਾ, 30 ਦਸੰਬਰ
ਸੁਪਰੀਮ ਕੋਰਟ ਵੱਲੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚ ਦਾਖ਼ਲ ਕਰਨ ਲਈ ਦਿੱਤੀ 31 ਦਸੰਬਰ ਤੱਕ ਦੀ ਮੋਹਲਤ ਜਿਵੇਂ ਜਿਵੇਂ ਨੇੜੇ ਆ ਰਹੀ ਹੈ, ਪੰਜਾਬ ਸਰਕਾਰ ਨੇ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਲੈਣ ਵਾਸਤੇ ਮਨਾਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਸਾਬਕਾ ਵਧੀਕ ਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਡੱਲੇਵਾਲ ਨੂੰ ਮਨਾਉਣ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕਾਬਿਲੇਗੌਰ ਹੈ ਕਿ ਸਰਬਉੱਚ ਕੋਰਟ ਨੇ ਪਿਛਨੇ ਦਿਨੀਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਚੇਤਾਵਨੀ ਦਿੱਤੀ ਸੀ ਕਿ ਉਹ ਡੱਲੇਵਾਲ ਨੂੰ 31 ਦਸੰਬਰ ਤੱਕ ਹਸਪਤਾਲ ਵਿਚ ਤਬਦੀਲ ਕਰਨ ਜਾਂ ਫਿਰ ਅਦਾਲਤੀ ਹੱਤਕ ਦੀ ਕਾਰਵਾਈ ਲਈ ਤਿਆਰ ਰਹਿਣ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੇਂਦਰ ਤੋਂ ਲੋੜੀਂਦੀ ਮਦਦ ਲੈਣ ਦੀ ਵੀ ਖੁੱਲ੍ਹ ਦਿੱਤੀ ਸੀ। ਸੁਪਰੀਮ ਕੋਰਟ ਵਿਚ ਇਸ ਮਾਮਲੇ ’ਤੇ ਮੰਗਲਵਾਰ ਨੂੰ ਮੁੜ ਸੁਣਵਾਈ ਹੋਵੇਗੀ।
ਜਸਕਰਨ ਸਿੰਘ ਨੇ ਅੱਜ ਖਨੌਰੀ ਬਾਰਡਰ ਉੱਤੇ ਡੱਲੇਵਾਲ ਨਾਲ ਮੁੜ ਮੁਲਾਕਾਤ ਕੀਤੀ। ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾਮੁਕਤ ਪੁਲੀਸ ਅਧਿਕਾਰੀ ਨੇ ਕਿਹਾ ਕਿ ਡਾਕਟਰਾਂ ਦੀ ਟੀਮ ਨੇ ਵੱਖ ਵੱਖ ਟੈਸਟਾਂ ਲਈ ਡੱਲੇਵਾਲ ਦੇ ਖੂਨ ਦੇ ਨਮੂਨੇ ਲਏ ਹਨ। ਇਕ ਸਵਾਲ ਦੇ ਜਵਾਬ ਵਿਚ ਸਿੰਘ ਨੇ ਕਿਹਾ ਕਿ ਡੱਲੇਵਾਲ ਕਮਜ਼ੋਰ ਹਨ, ਪਰ ਉਨ੍ਹਾਂ ਦੀ ਹਾਲਤ ਸਥਿਰ ਹੈ। ਪੱਤਰਕਾਰਾਂ ਨੇ ਜਦੋਂ ਪੁੱਛਿਆ ਕਿ ਕਿਸਾਨਾਂ ਨੂੰ ਅਜਿਹਾ ਖ਼ਦਸ਼ਾ ਹੈ ਕਿ ਪੁਲੀਸ ਡੱਲੇਵਾਲ ਨੂੰ ਜਬਰੀ ਚੁੱਕ ਸਕਦੀ ਹੈ, ਸਿੰਘ ਨੇ ਕਿਹਾ, ‘‘ਮੈਨੂੰ ਅਜਿਹੇ ਹਾਲਾਤ ਨਜ਼ਰ ਨਹੀਂ ਆਏ।’’
ਇਸ ਦੌਰਾਨ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਟਿਆਲਾ ਪੁਲੀਸ ਲਾਈਨਜ਼ ਵਿਚ ਵੱੱਡੀ ਗਿਣਤੀ ਵਿਚ ਪੁਲੀਸ ਮੁਲਾਜ਼ਮਾਂ ਦੀ ਤਾਇਨਾਤੀ ‘ਫ਼ਿਕਰਮੰਦੀ ਦਾ ਵਿਸ਼ਾ’ ਹੈ। ਬਾਜਵਾ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਕੀ ਇਹ ਸਭ ਜਗਜੀਤ ਸਿੰਘ ਡੱਲੇਵਾਲ ਸਣੇ ਸ਼ਾਂਤੀਪੂਰਨ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਬਾਜਵਾ ਨੇ ਕਿਹਾ, ‘‘ਜੇ ਕਿਸਾਨਾਂ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ ਤੇ ਕਿਸਾਨਾਂ ਦੀਆਂ ਮੰਗਾਂ ਅਣਗੌਲਿਆ ਕਰਨਾ ਨਾਮੁਆਫ਼ੀਯੋਗ ਹੈ।’’ ਉਧਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਮਹੂਰੀ ਪ੍ਰਬੰਧ ਵਿਚ ਕਿਸਾਨ ਸ਼ਾਂਤੀਪੂਰਨ ਢੰਗ ਨਾਲ ਅੰਦੋਲਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਪੰਜਾਬ ਜਾਂ ਹਰਿਆਣਾ ਸਰਕਾਰ ਖਿਲਾਫ਼ ਨਹੀਂ, ਪਰ ਉਨ੍ਹਾਂ ਦੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ। ਪੰਧੇਰ ਨੇ ਕਿਹਾ, ‘‘ਪੰਜਾਬ ਸਰਕਾਰ ਨੂੰ ਤਿੰਨ ਕਰੋੜ ਪੰਜਾਬੀਆਂ ਨਾਲ ਖੜ੍ਹਨਾ ਹੋਵੇਗਾ। ਉਨ੍ਹਾਂ ਨੂੰ ਕੋਰਟ ਦੇ ਬਹਾਨੇ ਖਨੌਰੀ ਬਾਰਡਰ ਉੱਤੇ ਡੱਲੇਵਾਲ ਨੂੰ ਜਬਰੀ ਚੁੱਕਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।’’ ਉਧਰ ਕਿਸਾਨਾਂ ਨੇ ਵੀ ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਡੱਲੇਵਾਲ ਦੁਆਰੇ ਸੁਰੱਖਿਆ ਘੇਰਾ ਮਜ਼ਬੂਤ ਕਰ ਦਿੱਤਾ ਹੈ। -ਪੀਟੀਆਈ