ਪੰਜਾਬ ਸਰਕਾਰ 36 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜੇਗੀ ਸਿੰਗਾਪੁਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
‘ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।’ ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਸਿਖਲਾਈ ਲੈ ਚੁੱਕੇ ਹਨ। ਇਸੇ ਲੜੀ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ’ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐੱਸ.ਸੀ.ਈ.ਆਰ.ਟੀ.) ਵਿੱਚ ਇੱਕ ‘ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)’ ਸਥਾਪਤ ਕੀਤਾ ਗਿਆ ਹੈ। ਸ੍ਰੀ ਬੈਂਸ ਨੇ ਕਿਹਾ ਕਿ ਸਿੰਗਾਪੁਰ ਜਾਣ ਵਾਲੇ ਅਧਿਆਪਕ ਆਪਣੇ ਦੌਰੇ ਦੌਰਾਨ ਵੱਖ-ਵੱਖ ਵਰਕਸ਼ਾਪਾਂ, ਸੈਮੀਨਾਰਾਂ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ, ਜੋ ਉਨ੍ਹਾਂ ਨੂੰ ਸਿੰਗਾਪੁਰ ਦੇ ਸਕੂਲਾਂ ਵਿੱਚ ਅਪਣਾਈਆਂ ਜਾਣ ਵਾਲੀਆਂ ਉੱਨਤ ਅਧਿਆਪਨ ਤਕਨੀਕਾਂ ਅਤੇ ਵਿਦਿਅਕ ਅਭਿਆਸਾਂ ਦੀ ਜਾਣਕਾਰੀ ਦੇਣਗੇ। ਇਸ ਨਾਲ ਸਕੂਲਾਂ ਵਿੱਚ ਅੰਤਰ-ਸਿਖਲਾਈ, ਉੱਚ ਪ੍ਰੇਰਣਾ ਅਤੇ ਅਧਿਆਪਨ-ਸਿਖਲਾਈ ਪ੍ਰਕਿਰਿਆਵਾਂ ਵਿੱਚ ਵੀ ਸੁਧਾਰ ਹੋਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਜਾਣ ਦੇ ਚਾਹਵਾਨ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਪ੍ਰਮਾਣਿਤ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ।
ਉਮੀਦਵਾਰ ਖ਼ਿਲਾਫ਼ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਕੇਸ ਬਕਾਇਆ ਨਹੀਂ ਹੋਣਾ ਚਾਹੀਦਾ। ਇਨ੍ਹਾਂ ਮੁੱਢਲੀਆਂ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਗੇੜ ਵਿੱਚ ਸ਼ਾਮਲ ਹੋਣਗੇ, ਜਿੱਥੇ ਉਨ੍ਹਾਂ ਦੀ ਚੋਣ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ, ਜੋ ਵਿੱਦਿਅਕ ਯੋਗਤਾ, ਤਜਰਬੇ, ਏ.ਸੀ.ਆਰ. ਅਤੇ ਐਵਾਰਡਾਂ ਦੇ ਆਧਾਰ ’ਤੇ ਹੋਵੇਗੀ।