ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਢੁਕਵੇਂ ਕਦਮ ਚੁੱਕੇ: ਸੰਧਵਾਂ
ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 5 ਜੂਨ
‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਬ-ਡਿਵੀਜ਼ਨ ਕੋਟਕਪੂਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀ ਬਸਤੀ ਬਾਲਮੀਕਿ ਚੌਕ ਵਿਖੇ ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ ‘ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ 179 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁਹੱਈਆ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਲਗਪਗ 14 ਕਾਊਂਟਰ ਲਗਾਏ ਗਏ ਸਨ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ ਪੈਨਸ਼ਨ, ਰਾਸ਼ਣ ਕਾਰਡ, ਉਦਯੋਗ ਕੇਂਦਰ, ਸਿਹਤ ਵਿਭਾਗ, ਬਿਜਲੀ ਵਿਭਾਗ, ਕਿਰਤਵਿਭਾਗ, ਖੇਤੀਬਾੜੀ ਵਿਭਾਗ, ਮਗਨਰੇਗਾ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਨੂੰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂ ਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਡੀ.ਐਮ. ਵੀਰਪਾਲ ਕੌਰ, ਤਹਿਸੀਲਦਾਰ ਪਰਮਜੀਤ ਸਿੰਘ ਤੇ ਚੇਅਰਮੈਨ ਮਾਰਕਿਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ ਆਦਿ ਹਾਜ਼ਰ ਸਨ।