ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਹੁਦੇ ਤੋਂ ਅਸਤੀਫ਼ਾ
ਦਵਿੰਦਰ ਪਾਲ
ਚੰਡੀਗੜ੍ਹ, 3 ਫਰਵਰੀ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜੇ ਚਾਰ ਸਤਰਾਂ ਦੇ ਪੱਤਰ ਵਿੱਚ ਸ੍ਰੀ ਪੁਰੋਹਿਤ ਨੇ ਅਸਤੀਫ਼ੇ ਲਈ ਕੁੱਝ ਮਜਬੂਰੀਆਂ ਅਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਰਾਜਪਾਲ ਦੇ ਅਚਨਚੇਤ ਅਸਤੀਫ਼ੇ ਕਾਰਨ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੈ। ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਸਨ ਤੇ ਉਨ੍ਹਾਂ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਪਹਿਲੀ ਸਤੰਬਰ 2021 ਨੂੰ ਅਹੁਦਾ ਸੰਭਾਲਿਆ ਸੀ। ਉਹ ਤਾਮਿਲਨਾਡੂ ਅਤੇ ਅਸਾਮ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਮਹਾਰਾਸ਼ਟਰ ਸੂਬੇ ਨਾਲ ਸਬੰਧਤ ਸ੍ਰੀ ਪੁਰੋਹਿਤ ਨਾਗਪੁਰ ਸੰਸਦੀ ਹਲਕੇ ਤੋਂ ਤਿੰਨ ਵਾਰੀ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ ਇੱਕ ਵਾਰੀ ਕਾਂਗਰਸ ਅਤੇ ਦੋ ਵਾਰੀ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਰਹੇ। ਪੰਜਾਬ ਦੇ ਮਾਮਲੇ ਵਿੱਚ ਅਹੁਦਾ ਛੱਡ ਰਹੇ ਰਾਜਪਾਲ ਦਾ ਸੇਵਾ ਕਾਲ ਅਕਸਰ ਚਰਚਾ ਵਿੱਚ ਰਿਹਾ ਹੈ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਗਾਤਾਰ ਪੱਤਰ ਭੇਜ ਕੇ ਠਿੱਠ ਹੀ ਨਹੀਂ ਕੀਤਾ ਸਗੋਂ ਕਈ ਮਾਮਲਿਆਂ ’ਤੇ ਸਪੱਸ਼ਟੀਕਰਨ ਅਤੇ ਸਵਾਲਾਂ ਦੇ ਜਵਾਬ ਵੀ ਮੰਗੇ। ਇਸ ਕਰਕੇ ਰਾਜ ਭਵਨ ਅਤੇ ਸਰਕਾਰ ਦਰਮਿਆਨ ਕੁੜੱਤਣ ਭਰੇ ਸਬੰਧ ਬਣੇ ਰਹੇ। ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਕਈ ਬਿੱਲਾਂ ਨੂੰ ਮਨਜ਼ੂਰੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਇਸ ਕਰਕੇ ਰਾਜ ਭਵਨ ਤੇ ਸਰਕਾਰ ਦਰਮਿਆਨ ਚੱਲ ਰਹੀ ਖਿੱਚੋਤਾਣ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਇਸ ਸਮੇਂ ਦੌਰਾਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਪਾਲ ਨੂੰ ਪੱਤਰਾਂ ਦੇ ਹੀ ਜਵਾਬ ਨਹੀਂ ਸਨ ਦਿੱਤੇ ਸਗੋਂ ਸਖਤ ਟਿੱਪਣੀਆਂ ਵੀ ਕੀਤੀਆਂ ਸਨ। ਪੁਰੋਹਿਤ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਕਈ ਵਾਰੀ ਦੌਰਾ ਕਰਕੇ ਨਾਜਾਇਜ਼ ਖਣਨ ਅਤੇ ਨਸ਼ਿਆਂ ਦੀ ਤਸਕਰੀ ਵਰਗੇ ਮਾਮਲਿਆਂ ’ਤੇ ਵੀ ਖੁੱਲ੍ਹੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਨਹੀਂ ਸੀ ਕੀਤਾ। ਮਹੱਤਵਪੂਰਨ ਤੱਥ ਇਹ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਖਾਸ ਕਰ ਮੁੱਖ ਮੰਤਰੀ ਤੇ ਰਾਜਪਾਲ ਦੀ ਇੱਕ ਦੂਜੇ ਪ੍ਰਤੀ ਸੁਰ ਬਦਲੀ ਹੋਈ ਸੀ।
ਪੁਰੋਹਿਤ ਦੇ ਜਾਂਦਿਆਂ ਹੀ ਬਦਲੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੇ ਸੁਰ
ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਸਤੀਫ਼ਾ ਦੇਣ ਉਪਰੰਤ ਚੰਡੀਗੜ੍ਹ ਤੋਂ ਭਾਜਪਾ ਦੇ ਨਵੇਂ ਬਣੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਦੇ ਸੁਰ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਚੰਡੀਗੜ੍ਹ ਦੇ ਕਿਸਾਨਾਂ ਤੇ ਪਿੰਡਾਂ ਦੇ ਲੋਕਾਂ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ, ਪਰ ਪ੍ਰਸ਼ਾਸਕ ਨੇ ਕਦੇ ਵੀ ਪਿੰਡ ਵਾਸੀਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ। ਸ੍ਰੀ ਸੰਧੂ ਨੇ ਕਿਹਾ ਕਿ ਚੰਡੀਗੜ੍ਹ ਦੇ ਪਿੰਡ ਵਾਸੀਆਂ ਦੀਆਂ ਜ਼ਮੀਨਾਂ ਐਕੁਆਇਰ ਕੀਤੀ ਜਾ ਰਹੀਆਂ ਹਨ, ਪਰ ਪਿੰਡ ਵਾਸੀਆਂ ਨੂੰ ਬਣਦਾ ਮੁੱਲ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਵਿੱਚ ਬਣੇ ਕ੍ਰਿਕਟ ਸਟੇਡੀਅਮ ਤੋਂ ਧਨਾਸ ਤੱਕ ਸੜਕ ਬਣਾਈ ਗਈ ਹੈ, ਉਸ ਲਈ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਕ ਕੋਲ ਕਈ ਵਾਰ ਚੰਡੀਗੜ੍ਹ ਦੇ ਪਿੰਡ ਵਾਸੀਆਂ ਨੂੰ ਜ਼ਮੀਨ ਦਾ ਢੁੱਕਵਾਂ ਮੁੱਲ ਦੇਣ ਅਤੇ ਸ਼ਹਿਰ ਵਿੱਚ ਲੈਂਡ ਪੂਲਿੰਗ ਨੀਤੀ ਲਿਆਉਣ ਦੀ ਮੰਗ ਕਰ ਚੁੱਕੇ ਹਨ। ਪ੍ਰਸ਼ਾਸਕ ਨੇ ਕਦੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦੁਪਹਿਰ ਸਮੇਂ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਉਨ੍ਹਾਂ ਵੱਲੋਂ ਅਸਤੀਫ਼ੇ ਦਾ ਕਾਰਨ ਨਿੱਜੀ ਕਾਰਨਾਂ ਨੂੰ ਦੱਸਿਆ ਗਿਆ ਹੈ। ਪਰ ਰਾਜਪਾਲ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ ਅਤੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਮੇਅਰ ਦੀ ਚੋਣ ਸਮੇਂ ਖੜ੍ਹੇ ਹੋਏ ਵਿਵਾਦ ਨੂੰ ਵੀ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।