For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਨੇ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ: ਖੁੱਡੀਆਂ

04:05 PM Sep 08, 2023 IST
ਪੰਜਾਬ ਸਰਕਾਰ ਨੇ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਨਰਮੇ ਦੇ ਬੀਜਾਂ ਦੀ 2 69 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ  ਖੁੱਡੀਆਂ
Advertisement

ਚੰਡੀਗੜ੍ਹ, 8 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ’ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ਉਤੇ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ 71,632 ਲਾਭਪਾਤਰੀ ਕਿਸਾਨਾਂ ਨੂੰ 14.33 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਵੀ ਸਬਸਿਡੀ ਜਾਰੀ ਕਰ ਦਿੱਤੀ ਜਾਵੇਗੀ। ਖੇਤੀਬਾੜੀ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਸਬੰਧੀ ਮੁੱਖ ਮੰਤਰੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫ਼ਸਲ ਨੂੰ ਛੱਡ ਕੇ ਬਦਲਵੀਂ ਫਸਲ ਦੀ ਕਾਸ਼ਤ ਵਾਸਤੇ ਉਤਸ਼ਾਹਿਤ ਕਰਨ ਲਈ ਨਰਮੇ ਦੇ ਵੱਧ ਝਾੜ ਵਾਲੇ ਬੀਜ ਉਪਲਬਧ ਕਰਵਾਏ ਗਏ। ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਵਾਸਤੇ ਕੁਆਲਟੀ ਕੰਟਰੋਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ਉੱਤੇ ਕੀਟਨਾਸ਼ਕ ਅਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement