For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ: ਫੂਲਕਾ

07:17 AM Jul 04, 2024 IST
ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ  ਫੂਲਕਾ
ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 3 ਜੁਲਾਈ
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਕਿ 10 ਸਾਲਾਂ ਤੋਂ ਦਿੱਲੀ ਦੇ ਹਵਾ ਪ੍ਰਦੂਸ਼ਣ ਦਾ ਠੀਕਰਾ ਪੰਜਾਬ ਦੇ ਕਿਸਾਨਾਂ ਸਿਰ ਭੰਨਿਆ ਜਾ ਰਿਹਾ ਹੈ, ਜਦੋਂਕਿ ਇਸ ਲਈ ਪੰਜਾਬ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਤਾਂ ਐੱਨਜੀਟੀ ਦੇ ਜੱਜ ਸੁਧੀਰ ਅਗਰਵਾਲ ਨੇ ਬੀਤੇ ਦਿਨ ਵੀ ਦਿੱਲੀ ਵਿੱਚ ਇਕ ਸਮਾਗਮ ਦੌਰਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਜੱਜ ਅਨੁਸਾਰ ਪੰਜਾਬ ਦੀ ਹਵਾ ਦੀ ਦਿਸ਼ਾ ਦਿੱਲੀ ਵੱਲ ਬਹੁਤ ਘੱਟ ਹੁੰਦੀ ਹੈ, ਜਿਸ ਕਾਰਨ ਪੰਜਾਬ ਵਿੱਚ ਪਰਾਲੀ ਸਾੜਨ ਕਰ ਕੇ ਧੂੰਆਂ ਦਿੱਲੀ ਵਿੱਚ ਪਹੁੰਚ ਹੀ ਨਹੀਂ ਸਕਦਾ। ਇਸ ਦੀ ਜਾਂਚ ਹੋਣੀ ਚਾਹੀਦੀ ਹੈ।
ਸ੍ਰੀ ਫੂਲਕਾ ਨੇ ਕਿਹਾ ਕਿ ਅੱਜ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੀ ਦਿੱਲੀ ’ਚ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ ਪਰ ਇਸ ਬਾਰੇ ਵਿਗਿਆਨਕ ਖੋਜ ਕਿਸੇ ਵੱਲੋਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਦਿੱਲੀ ਵਿਚਕਾਰ 250 ਤੋਂ 300 ਕਿਲੋਮੀਟਰ ਦਾ ਫਰਕ ਹੈ। ਇਸ ਲਈ ਪੰਜਾਬ ਦਾ ਧੂੰਆਂ ਕਦੇ ਵੀ ਦਿੱਲੀ ਤੱਕ ਪਹੁੰਚ ਹੀ ਨਹੀਂ ਸਕਦਾ। ਸ੍ਰੀ ਫੂਲਕਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਪਰਾਲੀ ਪ੍ਰਦੂਸ਼ਣ ਬਾਰੇ ਵਿਗਿਆਨਕ ਢੰਗ ਨਾਲ ਪੜਚੋਲ ਕਰਵਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਲੱਗਣ ਵਾਲੇ ਸਾਰੇ ਦੋਸ਼ਾਂ ਤੋਂ ਮੁਕਤ ਕੀਤਾ ਜਾ ਸਕੇ। ਸਾਬਕਾ ਵਿਧਾਇਕ ਫੂਲਕਾ ਨੇ ਕਿਹਾ ਕਿ ਐੱਸਐੱਸ ਜੌਹਲ ਕਮੇਟੀ ਦੀ ਰਿਪੋਰਟ ਅਨੁਸਾਰ ਸਾਲ 1986 ਦੌਰਾਨ ਪੰਜਾਬ ’ਚ ਝੋਨੇ ਹੇਠ 27 ਲੱਖ ਏਕੜ ਰਕਬਾ ਆਉਂਦਾ ਸੀ ਪਰ ਅੱਜ ਉਹ ਵਧ ਕੇ 77 ਲੱਖ ਏਕੜ ’ਤੇ ਪਹੁੰਚ ਗਿਆ ਹੈ। ਇਸੇ ਕਰ ਕੇ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਖਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਨਾਲ ਪਾਣੀ ਦੀ 90 ਫ਼ੀਸਦ ਤੱਕ ਬਚਤ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 8 ਹਜ਼ਾਰ ਰੁਪਏ ਏਕੜ ਦਿੱਤਾ ਜਾਵੇ। ਇਸ ਮੌਕੇ ਅਗਾਂਹਵਧੂ ਕਿਸਾਨ ਅਵਤਾਰ ਸਿੰਘ ਫਗਵਾੜਾ, ਕਿਰਪਾਲ ਸਿੰਘ ਫਗਵਾੜਾ ਅਤੇ ਚਮਨ ਲਾਲ ਵਸ਼ਿਸ਼ਟ ਮੌਜੂਦ ਸਨ।

Advertisement

Advertisement
Advertisement
Author Image

joginder kumar

View all posts

Advertisement