ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨਪਟਿਆਲਾ/ਪਾਤੜਾਂ, 27 ਦਸੰਬਰਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁਧਰਾਮ ਅਤੇ ‘ਆਪ’ ਆਗੂ ਤੇ ਕਲਾਕਾਰ ਕਰਮਜੀਤ ਅਨਮੋਲ ਸਣੇ ਕੁਝ ਹੋਰ ‘ਆਪ’ ਆਗੂਆਂ ਨੇ ਅੱਜ ਢਾਬੀ ਗੁਜਰਾਂ ਬਾਰਡਰ ’ਤੇ ਪਹੁੰਚ ਕੇ ਮਰਨ ਵਰਤ ਉੱਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਿੱਦ ਛੱਡ ਦੇਣੀ ਚਾਹੀਦੀ ਹੈ ਕਿਉਂਕਿ ਹਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਹੀ ਹੁੰਦਾ ਹੈ ਇਸ ਕਰਕੇ ਕੇਂਦਰ ਨੂੰ ਗੱਲਬਾਤ ’ਤੇ ਆਉਣਾ ਚਾਹੀਦਾ ਹੈ।ਇਸੇ ਦੌਰਾਨ ਕਿਸੇ ਨੇ ਡੱਲੇਵਾਲ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਕੰਟੈਪਟ ਆਫ ਕੋਰਟ ਦੇ ਹਵਾਲੇ ਨਾਲ ਦਾਇਰ ਕੀਤੀ ਗਈ ਰਿੱਟ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਸਵਾਲ ਕੀਤਾ ਤਾਂ ਵਿੱਤ ਮੰਤਰੀ ਹਰਪਾਲ ਚੀਮਾ, ਜੋ ਇੱਕ ਵਕੀਲ ਵੀ ਹਨ, ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੀ ਥਾਂ ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਕਿਉਂਕਿ ਜੇਕਰ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਹਦਾਇਤ ਜਾਰੀ ਕੀਤੀ ਜਾਂਦੀ ਹੈ ਤਾਂ 24 ਘੰਟਿਆਂ ’ਚ ਮਸਲਾ ਹੱਲ ਹੋ ਸਕਦਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਕੇਂਦਰ ਸਰਵ ਉੱਚ ਅਦਾਲਤ ਦਾ ਹੁਕਮ ਮੰਨਣ ਲਈ ਮਜਬੂਰ ਹੋਵੇਗੀ। ਇੱਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉੱਚ ਅਦਾਲਤ ਵੱਲੋਂ ਅੱਜ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਬਤ ਪੰਜਾਬ ਸਰਕਾਰ ਦੀ ਕਾਨੂੰਨੀ ਟੀਮ ਸਲਾਹ ਕਰਕੇ ਭਲਕੇ ਮੁੜ ਜਵਾਬ ਦੇਵੇਗੀ।ਆਸਟਰੇਲੀਆ ਦੌਰੇ ਤੋਂ ਸ਼ਨਿੱਚਰਵਾਰ ਨੂੰ ਪਰਤਣਗੇ ਮੁੱਖ ਮੰਤਰੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਨਿਘਰਦੀ ਜਾ ਰਹੀ ਹੈ ਤੇ ਪੰਜਾਬ ਸਰਕਾਰ ਕੋਈ ਸਟੈਂਡ ਕਿਉਂ ਨਹੀਂ ਲੈਂਦੀ ਤੇ ਕਿਸ ਗੱਲ ਦੀ ਉਡੀਕ ਕਰ ਰਹੀ ਹੈ ਤਾਂ ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਲਕੇ 28 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਸਟਰੇਲੀਆ ਦੌਰੇ ਤੋਂ ਵਾਪਸ ਆ ਰਹੇ ਹਨ ਤੇ ਉਨ੍ਹਾਂ ਦੇ ਪਰਤਣ ਮਗਰੋਂ ਰਲ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।ਇਸ ਤੋਂ ਪਹਿਲਾਂ ਅੱਜ ਸੁਪਰੀਮ ਕੋਰਟ (Supreme Court of India) ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਰੀ ਹੁਕਮਾਂ ਬਾਰੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ।ਦੱਸਣਯੋਗ ਹੈ ਕਿ ਡੱਲੇਵਾਲ ਬੀਤੀ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਢਾਬੀ ਗੁਜਰਾਂ/ਖਨੌਰੀ ਸਰਹੱਦ ਉਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਹਨ। ਇਹ 70 ਸਾਲਾ ਆਗੂ ਕੈਂਸਰ ਦਾ ਮਰੀਜ਼ ਵੀ ਹੈ।