Punjab News: ਨਿਗਮ ਚੋਣਾਂ ਲਈ ‘ਆਪ’ ਵੱਲੋਂ 784 ਉਮੀਦਵਾਰਾਂ ਦਾ ਐਲਾਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਦਸੰਬਰ
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਸਿਰਫ਼ ਇੱਕ ਦਿਨ ਬਾਕੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਆਉਣ ਵਾਲੀਆਂ ਨਗਰ ਨਿਗਮ (ਐਮਸੀ) ਚੋਣਾਂ ਲਈ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਹ ਐਲਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। ਪਾਰਟੀ ਵੱਲੋਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੇ 977 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬਾਕੀ ਉਮੀਦਵਾਰਾਂ ਦਾ ਐਲਾਨ ਜਲਦ ਹੀ ਕੀਤਾ ਜਾ ਰਿਹਾ ਹੈ।
ਉਧਰ ਕਾਂਗਰਸ ਨੇ ਮੰਗਲਵਾਰ ਨੂੰ ਨਗਰ ਨਿਗਮ ਚੋਣਾਂ ਲਈ 63 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪਾਰਟੀ ਨੇ ਜ਼ਿਆਦਾਤਰ ਨਵੇਂ ਚਿਹਰਿਆਂ ਨੂੰ ਮੈਦਾਨ ਵਿਚ ਉਤਾਰਿਆ। ਹਾਲਾਂਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਸਾਬਕਾ ਵਿਧਾਇਕ ਬੈਂਸ ਭਰਾਵਾਂ ਨਾਲ ਵਿਵਾਦ ਪੈਦਾ ਹੋ ਗਿਆ ਹੈ ਕਿਉਂਕਿ ਦੋਵੇਂ ਆਪੋ ਆਪਣੇ ਵਿਸ਼ਵਾਸਪਾਤਰਾਂ ਲਈ ਟਿਕਟਾਂ ਦੀ ਮੰਗ ਕਰ ਰਹੇ ਹਨ।
ਗੌਰਤਲਬ ਹੈ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣੀਆਂ ਹਨ। ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 9 ਦਸੰਬਰ ਨੂੰ ਸ਼ੁਰੂ ਹੋਈ ਸੀ ਅਤੇ ਆਖਰੀ ਮਿਤੀ 12 ਦਸੰਬਰ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ ਹੈ।