Punjab News: ‘ਆਪ’ ਵੱਲੋਂ 50 ਫ਼ੀਸਦ ਤੋਂ ਵੱਧ ਵਾਰਡਾਂ ਵਿੱਚ ਜਿੱਤ ਦਾ ਦਾਅਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਦਸੰਬਰ
ਆਮ ਆਦਮੀ ਪਾਰਟੀ (ਆਪ) ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਵਿੱਚ 50 ਫ਼ੀਸਦ ਤੋਂ ਵੱਧ ਵਾਰਡਾਂ ਵਿੱਚ ਜਿੱਤ ਹਾਸਲ ਕਰਨ ਦਾ ਦਾਅਵਾ ਕਰ ਰਹੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ ‘ਆਪ’ ਦੇ ਲੋਕ-ਪੱਖੀ ਸ਼ਾਸਨ ਅਤੇ ਪਾਰਦਰਸ਼ੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ। ਅਰੋੜਾ ਨੇ ‘ਐਕਸ’ ਰਾਹੀਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ, ‘ਅਰਵਿੰਦ ਕੇਜਰੀਵਾਲ ਜੀ, ਭਗਵੰਤ ਮਾਨ ਜੀ ਅਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਨਿਗਮ ਚੋਣਾਂ ਵਿੱਚ ‘ਆਪ’ ਪੰਜਾਬ ਦੀ ਸ਼ਾਨਦਾਰ ਜਿੱਤ ਲਈ ਦਿਲੋਂ ਵਧਾਈਆਂ। ਮੈਂ ਆਪਣੇ ਸਾਰੇ ਵਰਕਰਾਂ ਦਾ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਦਿਲੋਂ ਧੰਨਵਾਦ ਕਰਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਸਾਰੇ ਚੁਣੇ ਹੋਏ ਕੌਂਸਲਰ ਲੋਕ ਸੇਵਾ ਅਤੇ ਵਿਕਾਸ ਲਈ ਸਮਰਪਿਤ ਰਹਿਣਗੇ।’
ਸ੍ਰੀ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਪੂਰੀ ਤਰ੍ਹਾਂ ਸਫਾਇਆ ਹੋ ਚੁੱਕਾ ਹੈ। ਸ਼ਹਿਰੀ ਖੇਤਰਾਂ ਵਿੱਚ ਭਾਜਪਾ ਦੇ ਦਬਦਬੇ ਦਾ ਭਰਮ ਟੁੱਟ ਗਿਆ ਹੈ ਅਤੇ ਲੋਕਾਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਕਈ ਵਾਰਡਾਂ ਵਿੱਚ ਚੋਣ ਲੜਨ ਲਈ ਉਮੀਦਵਾਰ ਲੱਭਣ ਲਈ ਵੀ ਸੰਘਰਸ਼ ਕਰਨਾ ਪਿਆ। ‘ਆਪ’ ਇਕਲੌਤੀ ਪਾਰਟੀ ਸੀ ਜਿਸ ਕੋਲ ਮਜ਼ਬੂਤ ਜਥੇਬੰਦਕ ਢਾਂਚਾ ਸੀ ਜਿਸ ਨੇ ਹਰ ਵਾਰਡ ਵਿਚ ਆਪਣੇ ਚੋਣ ਨਿਸ਼ਾਨ ’ਤੇ ਉਮੀਦਵਾਰ ਖੜ੍ਹੇ ਕੀਤੇ ਸਨ।