Punjab News: ‘ਆਪ’ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਇਆ: ਕੇਜਰੀਵਾਲ
ਆਤਿਸ਼ ਗੁਪਤਾ
ਚੰਡੀਗੜ੍ਹ, 23 ਨਵੰਬਰ
‘ਆਪ’ ਦੇ ਸੁਪਰੀਮੋ ਤੇ ਦਿੱਲੀ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਇਆ ਹੈ। ਇਸ ਕਰਕੇ ਦਿੱਲੀ ਤੇ ਪੰਜਾਬ ਦੇ ਲੋਕਾਂ ਨੇ ਪੁਰਾਣੀਆਂ ਪਾਰਟੀਆਂ ਨੂੰ ਨਕਾਰ ਕੇ ‘ਆਪ’ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਿੱਲੀ ਤੇ ਪੰਜਾਬ ਵਿੱਚ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ ਵਿੱਚ ਮਿਸਾਲੀ ਕੰਮ ਕੀਤੇ ਹਨ। ਇਸ ਤੋਂ ਇਲਾਵਾ ਔਰਤਾਂ ਦੀ ਸਹੂਲਤ ਲਈ ਬੱਸ ਸਫ਼ਰ ਮੁਫ਼ਤ ਕੀਤਾ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਲੋਕ ਹਿੱਤ ਦੇ ਕੰਮਾਂ ਨੂੰ ਦੇਖਦੇ ਹੋਏ ਹੀ ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿੱਚ ‘ਆਪ’ ਨੂੰ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਤਰੱਕੀ ਲਈ ਹੋਰ ਵੀ ਕਈ ਮਿਸਾਲੀ ਫੈਸਲੇ ਲਏ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦੀ ਸਰਕਾਰ ਵੱਲੋਂ ਢਾਈ ਸਾਲਾਂ ਵਿੱਚ ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਕੰਮਾਂ ’ਤੇ ਅੱਜ ਮੋਹਰ ਲਗਾ ਦਿੱਤੀ ਹੈ। ਇਸ ਕਰਕੇ ‘ਆਪ’ ਨੇ ਪੰਜਾਬ ਦੀਆਂ ਚਾਰ ਵਿੱਚੋਂ ਤਿੰਨ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੇ ਗਿੱਦੜਬਾਹਾ ਵਿੱਚੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਕੇ ਕਾਂਗਰਸ ਨੂੰ ਮੋੜਵਾਂ ਜਵਾਬ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚੋਂ ਤਿੰਨ ਸੀਟਾਂ ’ਤੇ ਭਾਜਪਾ ਉਮੀਦਵਾਰਾਂ ਦੀ ਜਮਾਨਤ ਜ਼ਬਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪਾਰਟੀਆਂ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਦੀਆਂ ਆ ਰਹੀਆਂ ਹਨ, ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਨੇ ਲੋਕ ਹਿੱਤ ਵਿੱਚ ਕੰਮ ਕੀਤਾ ਹੈ।