Punjab News: ਅਕਾਲੀ ਦਲ ਨੇ ਭਲਕੇ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ
* ਪਾਰਟੀ ਦੇ ਵਫਦ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ
* ਜਥੇਬੰਦਕ ਚੋਣਾਂ ਕਰਵਾਉਣ ਦੇ ਰਾਹ ’ਚ ਕਾਨੂੰਨੀ ਰੁਕਾਵਟਾਂ ਬਾਰੇ ਜਾਣੂ ਕਰਵਾਇਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਜਨਵਰੀ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਬਾਰੇ ਫੈਸਲਾ ਕੀਤਾ ਜਾਵੇਗਾ ਤੇ ਹੋਰ ਮਾਮਲੇ ਵਿਚਾਰੇ ਜਾਣਗੇ।
ਇਸ ਤੋਂ ਪਹਿਲਾਂ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਜਥੇਬੰਦਕ ਚੋਣਾਂ ਕਰਵਾਉਣ ਦੇ ਰਾਹ ’ਚ ਕਾਨੂੰਨੀ ਰੁਕਾਵਟਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਛੇਤੀ ਹੀ ਮੀਟਿੰਗ ਕਰ ਕੇ ਅਗਲੀਆਂ ਜਥੇਬੰਦਕ ਚੋਣਾਂ ਅਤੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਬਾਰੇ ਫੈਸਲਾ ਲਵੇਗੀ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਵਫਦ ਨੇ ਜਥੇਦਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਸਾਰੇ ਪਾਰਟੀ ਆਗੂਆਂ ਨੇ ਅਕਾਲ ਤਖ਼ਤ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਸੁਣਾਈ ਧਾਰਮਿਕ ਸਜ਼ਾ ਦੀ ਪਾਲਣਾ ਕੀਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਵੀ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਕਾਲ ਤਖਤ ਵੱਲੋਂ ਦਿੱਤੇ ਹੁਕਮਾਂ ਮੁਤਾਬਕ 7 ਮੈਂਬਰੀ ਕਮੇਟੀ ਬਣਾਉਣ ’ਚ ਕੁਝ ਤਕਨੀਕੀ ਮਸਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਮਸਲਿਆਂ ਬਾਰੇ ਜਥੇਦਾਰ ਨੂੰ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸੰਵਿਧਾਨਕ ਸੋਧਾਂ, ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਅਕਾਲ ਤਖਤ ਦੇ ਜਥੇਦਾਰ ਨੂੰ ਜਾਣੂ ਕਰਵਾਇਆ ਗਿਆ ਹੈ। ਅਕਾਲੀ ਦਲ ਦੇ ਵਫਦ ਵਿੱਚ ਡਾ. ਚੀਮਾ ਸਮੇਤ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਰਾਮ ਸਿੰਘ, ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਕੰਧੋਵਾਲ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਸਨ। ਡਾ. ਚੀਮਾ ਨੇ ਐਕਸ ’ਤੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦੀ ਹੈ। ਮੀਟਿੰਗ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਦੇ ਲੰਬਿਤ ਮਾਮਲੇ ਬਾਰੇ ਫੈਸਲਾ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਪਾਰਟੀ ਦੀ ਨਵੀਂ ਮੈਂਬਰਸ਼ਿਪ ਮੁਹਿੰਮ ਦੇ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਜਾਵੇਗਾ।
ਵਿਰੋਧੀਆਂ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ
ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਵਿਰੋਧੀ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਮਾਮਲੇ ’ਤੇ ਲੋਕਾਂ ਨੂੰ ਗੁਮਰਾਹ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਹੁਣ ਖੁਦ ਆਪਣੀਆਂ ਪਾਰਟੀਆਂ ਰਜਿਸਟਰ ਕਰਵਾਉਣੀਆਂ ਚਾਹੁੰਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਵਿਰੋਧੀ ਧਿਰਾਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀਆਂ ਪਾਰਟੀਆਂ ਰਜਿਸਟਰ ਕਰਵਾਉਣ ਦੀ ਪ੍ਰਕਿਰਿਆ ਨੂੰ ਜਨਤਕ ਕਰਨ ਤਾਂ ਜੋ ਲੋਕ ਸਮਝ ਸਕਣ ਕਿ ਇਹ ਜੋ ਪ੍ਰਚਾਰ ਕਰਦੇ ਹਨ ਤੇ ਜੋ ਕੰਮ ਕਰਦੇ ਹਨ, ਉਨ੍ਹਾਂ ’ਚ ਕਿਵੇਂ ਅੰਤਰ ਹੈ। ਡਾ. ਚੀਮਾ ਨੇ ਕਿਹਾ ਕਿ ਨਵੀਆਂ ਪਾਰਟੀਆਂ ਦੀ ਰਜਿਸਟਰੇਸ਼ਨ ਵਾਸਤੇ ਤੈਅ ਨਿਯਮਾਂ ਮੁਤਾਬਕ ਇਹ ਲਾਜ਼ਮੀ ਹੈ ਕਿ ਅਜਿਹੀਆਂ ਪਾਰਟੀਆਂ ਧਰਮ ਜਾਂ ਜਾਤ-ਪਾਤ ਦੇ ਨਾਂ ’ਤੇ ਕੰਮ ਨਾ ਕਰਨ ਅਤੇ ਦੇਸ਼ ਦੇ ਸੰਵਿਧਾਨ ਦੇ ਮੁਤਾਬਕ ਕੰਮ ਕਰਨ। ਇਹ ਵੀ ਲਾਜ਼ਮੀ ਹੈ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਦੇ ਫੈਸਲੇ ਲੋਕਤੰਤਰੀ ਕਦਰਾਂ-ਕੀਮਤਾਂ ਮੁਤਾਬਕ ਹੋਣ ਅਤੇ ਇਹ ਪਾਰਟੀਆਂ ਧਰਮ ਨਿਰਪੱਖਤਾ ਤੇ ਸਮਾਜਵਾਦ ਮੁਤਾਬਕ ਕੰਮ ਕਰਨ।