Punjab News: ਚੌੜਾ ਦੇ ਮਾਮਲੇ ’ਤੇ ਅਕਾਲੀ ਦਲ ਤੇ ਭਾਜਪਾ ਆਗੂ ਨੇ ਇਕ-ਦੂਜੇ ’ਤੇ ਨਿਸ਼ਾਨੇ ਸੇਧੇ
ਚੰਡੀਗੜ੍ਹ, 7 ਦਸੰਬਰ
ਨਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਅਕਾਲੀ ਦਲ ਦੇ ਆਗੂਆਂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਰਮਿਆਨ ਸ਼ਬਦੀ ਜੰਗ ਛਿੜ ਗਈ ਹੈ। ਸ੍ਰੀ ਬਿੱਟੂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੇ ਮਾਮਲੇ ’ਤੇ ਅਕਾਲੀ ਦਲ ’ਤੇ ਤਨਜ਼ ਕੱਸਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਾਂਗ ਨਰਾਇਣ ਸਿੰਘ ਚੌੜਾ ਨੂੰ ਬਚਾਉਣ ਲਈ ਵੀ ਅਕਾਲੀ ਦਲ ਨੂੰ ਯਤਨ ਕਰਨੇ ਚਾਹੀਦੇ ਹਨ। ਬਿੱਟੂ ਨੇ ਸੁਖਬੀਰ ’ਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ’ਤੇ ਗੋਲੀ ਚਲਾਉਣਾ ਜਾਂ ਗੋਲੀ ਮਾਰ ਕੇ ਕਤਲ ਕਰ ਦੇਣਾ ਕਾਨੂੰਨੀ ਤੌਰ ’ਤੇ ਗਲਤ ਹੈ ਪਰ ਚੌੜਾ ਨੇ ਭਾਵਨਾਵਾਂ ਦੇ ਵਹਿਣ ’ਚ ਆ ਕੇ ਇਹ ਕਦਮ ਚੁੱਕਿਆ ਹੈ ਕਿਉਂਕਿ ਇੱਕ ਸਿੱਖ ਹੋਣ ਦੇ ਨਾਤੇ ਉਸ ਦੇ ਮਨ ਵਿੱਚ ਸੁਖਬੀਰ ਪ੍ਰਤੀ ਗੁੱਸਾ ਸੀ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਧਾਰਮਿਕ ਗਲਤੀਆਂ ਮੰਨੀਆਂ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਪੰਥਕ ਆਗੂਆਂ ਵੱਲੋਂ ਚੌੜਾ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਉਸ (ਚੌੜਾ) ਦਾ ਸੁਖਬੀਰ ਨਾਲ ਕੋਈ ਨਿੱਜੀ ਵੈਰ ਨਹੀਂ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਦਲ ਵੱਲੋਂ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਉਸੇ ਤਰ੍ਹਾਂ ਚੌੜਾ ਨੂੰ ਬਚਾਉਣ ਲਈ ਵੀ ਹੋਣੇ ਚਾਹੀਦੇ ਹਨ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨ ਵਾਲੇ ਬਿਆਨ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਾ ਕਦਮ ਕਰਾਰ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਜਦੋਂ ਉਹ ਬੰਦੀ ਸਿੰਘਾਂ ਦੀ ਗੱਲ ਕਰਦੇ ਹਨ ਉਦੋਂ ਰਵਨੀਤ ਬਿੱਟੂ ਕੇਂਦਰ ਕੋਲ ਜਾ ਕੇ ਆਪਣੇ ਦਾਦੇ ਦੇ ਕਤਲ ਦਾ ਵਾਸਤਾ ਪਾਉਣਾ ਸ਼ੁਰੂ ਕਰ ਦਿੰਦੇ ਹਨ ਜਦਕਿ ਸੁਖਬੀਰ ਬਾਦਲ ’ਤੇ ਹੋਏ ਹਮਲੇ ਸਬੰਧੀ ਉਹ ਜਾਣ-ਬੁੱਝ ਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਬਿੱਟੂ ਦੀ ਅਜਿਹੀ ਬਿਆਨਬਾਜ਼ੀ ਕਿਸੇ ਮਜ਼ਾਕ ਤੋਂ ਘੱਟ ਨਹੀਂ ਹੈ। ਚੀਮਾ ਨੇ ਕਿਹਾ ਕਿ ਬਿੱਟੂ ਦੇ ਅਜਿਹੇ ਬਿਆਨ ਪੰਜਾਬ ਦੇ ਮਾਹੌਲ ਨੂੰ ਹੋਰ ਖਰਾਬ ਕਰ ਸਕਦੇ ਹਨ, ਜਿਸ ਕਰਕੇ ਭਾਜਪਾ ਆਗੂ ਨੂੰ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।