Punjab News: ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਦਾ ਨਾਰਾਜ਼ ਆਗੂਆਂ ਵੱਲੋਂ ਵਿਰੋਧ, ਜਥੇਦਾਰ ਸ੍ਰੀ ਅਕਾਲ ਤਖ਼ਤ ਨਾਲ ਕੀਤੀ ਮੁਲਾਕਾਤ
ਅਕਾਲੀ ਦਲ ਵੱਲੋਂ 20 ਜਨਵਰੀ ਨੂੰ ਸ਼ੁਰੂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਨੂੰ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਖ਼ਿਲਾਫ਼ ਵਰਜੀ ਦੱਸਿਆ; ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਲਾਏ ਦੋਸ਼
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜਨਵਰੀ
Punjab News: ਨਾਰਾਜ਼ ਅਕਾਲੀ ਆਗੂਆਂ ਨੇ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਵਾਲੇ ਨਾਰਾਜ਼ ਅਕਾਲੀ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਭਾਈ ਮਨਜੀਤ ਸਿੰਘ ਆਦਿ ਸ਼ਾਮਿਲ ਸਨ।
ਸਿੱਖ ਵਫ਼ਦ ਨੇ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਜਥੇਦਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਖ਼ਿਲਾਫ ਨਾਰਾਜ਼ਗੀ ਜ਼ਾਹਰ ਕੀਤੀ ਹੈ ਜੋ ਸ੍ਰੀ ਅਕਾਲ ਤਖਤ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ ਹੈ। ਸ੍ਰੀ ਵਡਾਲਾ ਨੇ ਕਿਹਾ ਕਿ ਜਥੇਦਾਰ ਨੇ ਆਖਿਆ ਕਿ ਪਾਰਟੀ ਵਿੱਚ ਭਰਤੀ ਦੀ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਤੋਂ ਐਲਾਨੀ ਗਈ ਸੱਤ ਮੈਂਬਰੀ ਕਮੇਟੀ ਨੂੰ ਹੀ ਸੌਂਪੀ ਗਈ ਹੈ। ਇਹ ਸੱਤ ਮੈਂਬਰੀ ਕਮੇਟੀ ਹੀ ਭਰਤੀ ਦੀ ਨਿਗਰਾਨੀ ਕਰੇਗੀ।
ਉਨ੍ਹਾਂ ਦੱਸਿਆ ਕਿ ਜਥੇਦਾਰ ਦੇ ਆਦੇਸ਼ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ’ਤੇ ਇੱਕ ਪੱਤਰ ਵੀ ਸੌਂਪਿਆ ਹੈ, ਜਿਸ ਵਿੱਚ ਉਨ੍ਹਾਂ ਦੀ ਅਗਵਾਈ ਵਾਲੀ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਸ ਸਬੰਧ ਵਿੱਚ ਮਿਲਣਗੇ।
ਇਹ ਵੀ ਪੜ੍ਹੋ:
ਅਕਾਲੀ ਦਲ ਦੀ ਸਿਆਸੀ ਤਰੇੜ ਅਜੇ ਵੀ ਬਰਕਰਾਰ
ਅਕਾਲੀ ਦਲ ’ਚ ਆਬਜ਼ਰਵਰਾਂ ਦੀ ਨਿਯੁਕਤੀ ਕਾਰਨ ਅੰਦਰੂਨੀ ਵਿਰੋਧ ਵਧਿਆ
ਦੱਸਣਯੋਗ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਜਦੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਤਨਖ਼ਾਹ ਲਾਈ ਗਈ ਸੀ ਤਾਂ ਉਦੋਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਦੀ ਨਿਗਰਾਨੀ ਵਾਸਤੇ ਇੱਕ ਸੱਤ ਮੈਂਬਰੀ ਕਮੇਟੀ ਵੀ ਬਣਾਈ ਗਈ ਸੀ। ਇਸ ਕਮੇਟੀ ਨੂੰ ਛੇ ਮਹੀਨੇ ਵਿੱਚ ਭਰਤੀ ਮੁਕੰਮਲ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਆਦੇਸ਼ ਦਿੱਤੇ ਗਏ ਸਨ।
ਇਸ ਸੱਤ ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕਨਵੀਨਰ ਬਣਾਇਆ ਗਿਆ ਸੀ, ਜਦੋਂ ਕਿ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੇਦਪੁਰੀ ਅਤੇ ਬੀਬੀ ਸਤਵੰਤ ਕੌਰ ਇਸ ਦੇ ਮੈਂਬਰ ਬਣਾਏ ਗਏ ਸਨ।
ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਲ ਹੀ ਵਿੱਚ ਕੀਤੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤੇ ਗਏ ਫ਼ੈਸਲੇ ਮੁਤਾਬਕ ਪਾਰਟੀ ਦੀ ਨਵੀਂ ਭਰਤੀ ਦੀ ਪ੍ਰਕਿਰਿਆ 20 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਅਣਗੌਲਿਆ ਕਰ ਦਿੱਤਾ ਗਿਆ ਹੈ।