Punjab News: ‘ਆਪ’ ਦੇ ਮੇਅਰ ਬਣਨ ਨਾਲ ਸੂਬੇ ਦਾ ਚਹੁੰ-ਮੁਖੀ ਵਿਕਾਸ ਹੋਵੇਗਾ: ਭਗਵੰਤ ਮਾਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਦਸੰਬਰ
ਪੰਜਾਬ ਵਿੱਚ 21 ਦਸੰਬਰ ਨੂੂੰ ਹੋਣ ਵਾਲੀਆਂ 5 ਨਗਰ ਨਿਗਮਾਂ, 44 ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੋਂ ਇਲਾਵਾ 49 ਵਾਰਡਾਂ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਆਖਰੀ ਗੇੜ ਵਿੱਚ ਪਹੁੰਚ ਗਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚ ਕੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ, ਜਲੰਧਰ ਤੇ ਫਗਵਾੜਾ ਪੁੱਜ ਕੇ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸ੍ਰੀ ਮਾਨ ਨੇ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਮੇਅਰ ਵੀ ‘ਆਪ’ ਦਾ ਬਣਾਇਆ ਜਾਵੇ ਤਾਂ ਕਿ ਪੰਜਾਬ ਦਾ ਚਹੁੰ-ਮੁਖੀ ਵਿਕਾਸ ਹੋ ਸਕੇ।
ਸ੍ਰੀ ਮਾਨ ਨੇ ਅੱਜ ਤਿੰਨਾਂ ਸ਼ਹਿਰਾਂ ਵਿੱਚ ਰੋਡ ਸ਼ੋਅ ਕੱਢਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਢਾਈ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ ਹਨ। ਇਸ ਸਦਕਾ ਅੱਜ ਪੰਜਾਬ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇਸ ਤਰ੍ਹਾਂ ਸਕੂਲਾਂ ਦਾ ਪੱਧਰ ਵੀ ਪਹਿਲਾਂ ਦੇ ਮੁਕਾਬਲੇ ਸੁਧਰ ਗਿਆ ਹੈ। ਹੁਣ ਵਿਦੇਸ਼ਾਂ ਵਿੱਚੋਂ ਸਿਖਲਾਈ ਲੈ ਕੇ ਅਧਿਆਪਕ ਪੰਜਾਬ ਦੇ ਵਿਦਿਆਰਥੀਆਂ ਨੂੰ ਵੀ ਵਿਸ਼ਵ ਪੱਧਰ ਦੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ‘ਆਪ’ ਸਰਕਾਰ ਵੱਲੋਂ ਹੋਰ ਵੀ ਕਈ ਇਤਿਹਾਸਕ ਕੰਮ ਕੀਤੇ ਜਾਣਗੇ।
ਲੁਧਿਆਣਾ ਤੇ ਪਟਿਆਲਾ ’ਚ ਅੱਜ ਪ੍ਰਚਾਰ ਕਰਨਗੇ ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 19 ਦਸੰਬਰ ਨੂੰ ਲੁਧਿਆਣਾ ਤੇ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 11.30 ਵਜੇ ਲੁਧਿਆਣਾ ਦੇ ਆਰਤੀ ਚੌਕ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ। ਉਸ ਤੋਂ ਬਾਅਦ ਡੇਢ ਵਜੇ ਪਟਿਆਲਾ ਦੇ ਤ੍ਰਿਪੜੀ ਸਥਿਤ ਪਾਣੀ ਦੀ ਟੈਂਕੀ ਵਾਲੇ ਪਾਰਕ ਨੇੜੇ ਰੋਡ ਸ਼ੋਅ ਕੀਤਾ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵੀ ਮੌਜੂਦ ਰਹਿਣਗੇ।