Punjab News: ਕੈਬਨਿਟ ਮੰਤਰੀ ਧਾਲੀਵਾਲ ਨੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਮਾਰਚ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਨੁਕਸਾਨੀਆਂ ਗਈਆਂ ਫਸਲਾਂ ਦਾ 100 ਫੀਸਦੀ ਮੁਆਵਜ਼ਾ ਦੇਵੇਗੀ।
ਪਿੰਡ ਝੰਜੋਟੀ ਵਿੱਚ ਪੀੜਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਪ੍ਰਭਾਵਿਤ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ। ਕਿਸਾਨਾਂ ਨੇ ਦੱਸਿਆ ਕਿ ਬੀਤੇ ਦਿਨ ਹੋਈ ਗੜੇਮਾਰੀ ਦੇ ਕਾਰਨ ਉਨ੍ਹਾਂ ਦੀ ਕਣਕ ਦੀ ਫਸਲ ਨੂੰ 100 ਫੀਸਦ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਸਰ੍ਹੋਂ ਦੀ ਫਸਲ ਅਤੇ ਹਰੇ ਚਾਰੇ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ।
ਕਿਸਾਨਾਂ ਨੇ ਆਖਿਆ ਕਿ ਜੇ ਉਹ ਹੁਣ ਮੁੜ ਨਵੀਆਂ ਫਸਲਾਂ ਬੀਜਦੇ ਹਨ ਤਾਂ ਇਸ ਉਪਰ ਵੀ ਲਾਗਤ ਖਰਚਾ ਆਵੇਗਾ, ਜਿਸ ਨਾਲ ਉਹਨਾਂ ਦਾ ਨੁਕਸਾਨ ਹੋਰ ਵਧ ਜਾਵੇਗਾ। ਕਿਸਾਨਾਂ ਨੇ ਅਪੀਲ ਕੀਤੀ ਕਿ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਤਾਂ ਜੋ ਉਹ ਅਗਲੇਰੀ ਨਵੀਂ ਫਸਲ ਬੀਜਣ ਦਾ ਪ੍ਰਬੰਧ ਕਰ ਸਕਣ।
ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਆਖਿਆ ਕਿ ਪ੍ਰਭਾਵਿਤ ਹੋਏ ਪਿੰਡਾਂ ਵਿੱਚ ਨੁਕਸਾਨੀਆਂ ਫਸਲਾਂ ਦਾ ਸਰਵੇਖਣ ਕਰਵਾ ਕੇ ਕਿਸਾਨਾਂ ਨੂੰ 100 ਫੀਸਦ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਆਖਿਆ ਕਿ ਇਹ ਮੁਆਵਜ਼ਾ ਜਲਦੀ ਤੋਂ ਜਲਦੀ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਆਖਿਆ ਕਿ ਕਿਸਾਨਾਂ ਨੂੰ ਅਗਲੀ ਫਸਲ ਦੀ ਬਿਜਾਈ ਵਾਸਤੇ ਮੱਕੀ ਅਤੇ ਮੂੰਗੀ ਦਾ ਬੀਜ ਸਬਸਿਡੀ ਉੱਤੇ ਦਿੱਤਾ ਜਾਵੇਗਾ।
ਇਸ ਸਬੰਧ ਵਿੱਚ ਉਹਨਾਂ ਖੇਤੀ ਮੰਤਰੀ ਨਾਲ ਵੀ ਗੱਲਬਾਤ ਕੀਤੀ ਹੈ। ਉਹਨਾਂ ਨੇ ਪ੍ਰਸ਼ਾਸਨ ਨੂੰ ਪਸ਼ੂਆਂ ਦੀ ਖੁਰਾਕ ਵਾਸਤੇ ਨੁਕਸਾਨੇ ਗਏ ਹਰੇ ਚਾਰੇ ਦੀ ਥਾਂ ਖੁਰਾਕ ਦਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ ਹੈ। ਉਹਨਾਂ ਨੇ ਕਿਸਾਨਾਂ ਨੂੰ ਆਖਿਆ ਕਿ ਸਰਕਾਰ ਉਹਨਾਂ ਦੇ ਨਾਲ ਖੜ੍ਹੀ ਹੈ।
ਦੱਸਣਯੋਗ ਹੈ ਕਿ ਪਿਛਲੇ ਹਫਤੇ ਦੌਰਾਨ ਸ਼ਾਮ ਵੇਲੇ ਅਚਨਚੇਤੀ ਰਾਜਾਸਾਂਸੀ, ਅਜਨਾਲਾ, ਮਜੀਠਾ ਦੇ ਕਈ ਪਿੰਡਾਂ ਵਿੱਚ ਵੱਡੀ ਪੱਧਰ ’ਤੇ ਗੜੇਮਾਰੀ ਹੋਈ ਸੀ, ਜਿਸ ਨਾਲ ਕਿਸਾਨਾਂ ਦੀ ਕਣਕ, ਸਰ੍ਹੋਂ ਅਤੇ ਹਰੇ ਚਾਰੇ ਦੀ ਫਸਲ ਨੂੰ ਵੱਡਾ ਨੁਕਸਾਨ ਹੋਇਆ ਸੀ। ਕਿਸਾਨਾਂ ਵੱਲੋਂ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਸੀ।