Punjab news ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ 4 ਕਿਲੋ ਹੈਰੋਇਨ ਸਣੇ ਚਾਰ ਕਾਬੂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਮਾਰਚ
ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਨਵਜੋਤ ਸਿੰਘ ਉਰਫ ਸਾਹਿਲ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ, ਸੁਖਵਿੰਦਰ ਸਿੰਘ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਪਿੰਡ ਸੇਰੋਂ ਤਰਨ ਤਾਰਨ ਅਤੇ ਅੰਕਿਤ ਵਾਸੀ ਕ੍ਰਿਸ਼ਨਾ ਮੰਦਰ ਨਰਾਇਣਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ ਨਾਰਕੋ-ਟੈਰਰ ਗਠਜੋੜ ਨਾਲ ਸਬੰਧਿਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਕੋਲੋਂ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਵਿੱਚ ਐੱਨਡੀਪੀਐੱਸ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਸਰਕਾਰੀ ਹਸਪਤਾਲ ਨਰਾਇਣਗੜ੍ਹ ਕੋਲੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਲਗਾਤਾਰ ਜਾਰੀ ਹੈ।