Punjab News: ਡੱਲੇਵਾਲ ਦਾ ਮਰਨ ਵਰਤ 72ਵੇਂ ਦਿਨ ਵੀ ਜਾਰੀ
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ/ਪਾਤੜਾਂ, 5 ਫਰਵਰੀ
ਢਾਬੀਗੁੱਜਰਾਂ ਬਾਰਡਰ ’ਤੇ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 72ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ 13 ਫਰਵਰੀ ਤੋਂ ਜਾਰੀ ਕਿਸਾਨ ਮੋਰਚੇ ਨੂੰ ਸਾਲ ਪੂਰਾ ਹੋਣ ’ਤੇ 12 ਫਰਵਰੀ ਨੂੰ ਢਾਬੀਗੁੱਜਰਾਂ ਬਾਰਡਰ ’ਤੇ ਕੀਤੀ ਜਾ ਰਹੀ ਮਹਾਂਪੰਚਾਇਤ ’ਚ ਵਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮੌਕੇ ਹੋਇਆ ਇਕੱਠ ਉਨ੍ਹਾਂ ਨੂੰ ਨਵੀਂ ਊਰਜਾ ਦੇਵੇਗਾ ਤੇ ਉਹ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ 11 ਫਰਵਰੀ ਨੂੰ ਰਤਨਾਪੁਰਾ ਅਤੇ 13 ਫਰਵਰੀ ਨੂੰ ਸ਼ੰਭੂ ਬਾਰਡਰ ’ਤੇ ਵੀ ਮੋਰਚੇ ਨੂੰ ਸਾਲ ਪੂਰਾ ਹੋਣ ’ਤੇ ਮਹਾਂਪੰਚਾਇਤ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਢਾਬੀਗੁੱਜਰਾਂ ਬਾਰਡਰ ਤੋਂ ਗੱਲਬਾਤ ਕਰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਅਭਿਮੰਨਿਊ ਕੋਹਾੜ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣ ਦੀ ਕਵਰੇਜ ਕਰਨ ਗਏ ਪੰਜਾਬ ਦੇ ਪੱਤਰਕਾਰਾਂ ਨਾਲ ਦਿੱਲੀ ਪੁਲੀਸ ਵੱਲੋਂ ਕੀਤੇ ਗਏ ਦੁਰਵਿਵਹਾਰ ਦੀ ਦੋਵੇਂ ਕਿਸਾਨ ਫੋਰਮਾਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਮਤਾ ਪਾ ਕੇ ਨਿਖੇਧੀ ਕੀਤੀ ਹੈ। ਇਸ ਮਾਮਲੇ ਦੀ ਜਗਜੀਤ ਸਿੰਘ ਡੱਲੇਵਾਲ ਨੇ ਵੀ ਨਿਖੇਧੀ ਕੀਤੀ ਹੈ।