Punjab news ਜਥੇਦਾਰਾਂ ਨੂੰ ਬਦਲਣ ਦਾ ਫੈਸਲਾ ਸਿੱਖ ਪੰਥ ਨੂੰ ਮਨਜ਼ੂਰ ਨਹੀਂ : ਹਰਨਾਮ ਸਿੰਘ ਖਾਲਸਾ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 14 ਮਾਰਚ
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਅੱਜ ਪੰਥਕ ਇਕੱਠ ਕੀਤਾ ਜਾਵੇਗਾ, ਜਿਸ ਵਿਚ ਮੌਜੂਦਾ ਸਮੇਂ ਦੇ ਪੰਥਕ ਹਾਲਾਤ ਨੂੰ ਵਿਚਾਰਿਆ ਜਾਵੇਗਾ।
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਮਣੇ ਪੰਜ ਪਿਆਰਾ ਪਾਰਕ ਵਿੱਚ ਹੋਣ ਵਾਲੀ ਇਕੱਤਰਤਾ ਵਿਚ ਦਮਦਮੀ ਟਕਸਾਲ ਸਮੇਤ ਵੱਖ-ਵੱਖ ਪੰਥਕ ਵਿਦਵਾਨ ਸਿੱਖ ਸੰਪਰਦਾਵਾਂ ਦੇ ਮੁਖੀ ਸਮੁੱਚਾ ਸੰਤ ਸਮਾਜ ਅਤੇ ਨਿਹੰਗ ਜਥੇਬੰਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਾਣੇ ਜਥੇਦਾਰਾਂ ਨੂੰ ਹਟਾਉਣ ਅਤੇ ਗਿਆਨੀ ਕੁਲਦੀਪ ਸਿੰਘ ਗੜ ਗੱਜ ਦੀ ਜਥੇਦਾਰ ਵਜੋਂ ਨਿਯੁਕਤੀ ਸਬੰਧੀ ਲਏ ਗਏ ਫੈਸਲੇ ਦਾ ਇਕਸੁਰ ਵਿਚ ਵਿਰੋਧ ਕਰਨ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੂੰ ਬਤੌਰ ਜਥੇਦਾਰ ਨਾ ਕਬੂਲਣ ਦਾ ਫੈਸਲਾ ਲੈ ਸਕਦੀਆਂ ਹਨ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਪੰਜਾਬੀ ਟ੍ਰਿਬਿਊਨ ਕੋਲ ਉਪਰੋਕਤ ਤੱਥਾਂ ਦੀ ਪੁਸ਼ਟੀ ਕਰਦੇ ਹੋਏ ਮੰਨਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਜੋ ਫੈਸਲਾ ਲਿਆ ਹੈ ਉਹ ਪੰਥ ਲਈ ਨਾ ਕਾਬਿਲੇ ਬਰਦਾਸ਼ਤ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਸਿੱਖ ਮਰਿਆਦਾ ਨੂੰ ਡੂੰਘੀ ਸੱਟ ਵੱਜੀ ਹੈ, ਉਥੇ ਹੀ ਸਮੁੱਚੇ ਵਿਸ਼ਵ ਦੀਆਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਇਹੀ ਕਾਰਨ ਹੈ ਕਿਸੇ ਵੀ ਸਿੱਖ ਸੰਪਰਦਾ ਵੱਲੋਂ ਅਤੇ ਸੰਤ ਸਮਾਜ ਦੇ ਕਿਸੇ ਵੀ ਆਗੂ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਚੋਰਮੋਰੀ ਰਾਹੀਂ ਥਾਪੇ ਗਏ ਜਥੇਦਾਰ ਨੂੰ ਨਾ ਹੀ ਪ੍ਰਵਾਨ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਹੱਕ ਵਿੱਚ ਕੋਈ ਬਿਆਨ ਜਾਰੀ ਕੀਤਾ ਗਿਆ ਹੈ।