Punjab News: ਵਿਧਾਇਕ ਤੇ ਐੱਸਐੱਸਪੀ ਦੇ ਭਰੋਸੇ ਮਗਰੋਂ ਡਰੋਨ ਹਮਲੇ ਦੀ ਪੀੜਤ ਦਾ ਸਸਕਾਰ
ਸੰਜੀਵ ਹਾਂਡਾ
ਫ਼ਿਰੋਜ਼ਪੁਰ, 13 ਮਈ
ਪਾਕਿਸਤਾਨੀ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਈ ਸੁਖਵਿੰਦਰ ਕੌਰ ਦੀ ਅੱਜ ਮੌਤ ਹੋ ਗਈ ਪਰ ਪਰਿਵਾਰਕ ਮੈਂਬਰਾਂ ਨੇ ਮੁਆਵਜ਼ਾ ਤੇ ਹੋਰ ਮੰਗਾਂ ਲਈ ਸਸਕਾਰ ਨਾ ਕੀਤਾ ਪਰ ਉਨ੍ਹਾਂ ਨੂੰ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਦੇਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਪਰਿਵਾਰ ਸਸਕਾਰ ਲਈ ਰਾਜ਼ੀ ਹੋ ਗਿਆ ਤੇ ਅੱਜ ਦੇਰ ਸ਼ਾਮ ਉਨ੍ਹਾਂ ਦੇ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ।
ਮੌਕੇ 'ਤੇ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਪਰਿਵਾਰ ਨੂੰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜ ਲੱਖ ਰੁਪਏ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਵੀ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਪਰਿਵਾਰ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਅਤੇ ਦੇਰ ਸ਼ਾਮ ਸੁਖਵਿੰਦਰ ਕੌਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ ਬਾਕੀ ਬਣਦਾ ਮੁਆਵਜ਼ਾ ਜਲਦੀ ਨਾ ਦਿੱਤਾ ਗਿਆ, ਤਾਂ ਉਹ ਮੁੜ ਤੋਂ ਧਰਨਾ ਲਾਉਣ ਲਈ ਮਜਬੂਰ ਹੋਣਗੇ। ਇਸ ਘਟਨਾਕ੍ਰਮ 'ਤੇ ਪ੍ਰਸ਼ਾਸਨ ਅਤੇ ਸਿਆਸੀ ਆਗੂਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।