ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News ਕਾਰਜਕਾਰੀ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਨਵੇਂ ਸਾਲ ਦੀ ਵਧਾਈ

02:33 PM Mar 14, 2025 IST
featuredImage featuredImage
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਮਾਰਚ
ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਅੱਜ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਇਸ ਨਵੇਂ ਵਰ੍ਹੇੇ ਨੂੰ ਜੀ ਆਇਆਂ ਕਿਹਾ। ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਿੱਖ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਇੱਕ ਚੇਤ ਤੋਂ ਸੰਮਤ 557 ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋ ਰਿਹਾ ਹੈ। ਗੁਰਬਾਣੀ ਮੁਤਾਬਕ ਚੇਤ ਦੇ ਮਹੀਨੇ ਤੋਂ ਸਿੱਖਾਂ ਦਾ ਨਵਾਂ ਸਾਲ ਆਰੰਭ ਹੁੰਦਾ ਹੈ।

Advertisement

ਜਥੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਤੁਖਾਰੀ ਰਾਗ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਾਂਝ ਰਾਗ ਵਿੱਚ ਬਾਰਹ ਮਾਹ ਦੀ ਬਖ਼ਸ਼ਿਸ਼ ਕਰਕੇ ਰੁੱਤਾਂ ਦੇ ਬਦਲਣ ਦਾ ਮਨੁੱਖੀ ਮਨ ਦੀਆਂ ਭਿੰਨ ਅਵਸਥਾਵਾਂ ਜਿਵੇਂ ਕੇ ਖੇੜਾ, ਬਿਰਹਾ, ਵੈਰਾਗ ਨਾਲ ਗੂੜਾ ਸਬੰਧ ਦਰਸਾਇਆ ਹੈ। ਇਸ ਧਰਤੀ ’ਤੇ ਜਨਮੇ ਮਨੁੱਖ ਦੇ ਮਨ ਦੇ ਭਾਵ ਵੀ ਇਨ੍ਹਾਂ ਦੇਸੀ ਮਹੀਨਿਆਂ ਦੇ ਨਾਲ ਹੀ ਪ੍ਰਗਟ ਹੁੰਦੇ ਹਨ। ਇਹ ਨਵਾਂ ਸਾਲ ਆਉਣ ਵਾਲੇ ਦਿਨਾਂ ਵਿੱਚ ਫਸਲਾਂ ਦੇ ਪੱਕਣ, ਰਿਜ਼ਕ ਘਰੇ ਆਉਣ ਅਤੇ ਖੁਸ਼ਹਾਲੀ ਦੇ ਸੰਕੇਤ ਦਿੰਦਾ ਹੈ।

Advertisement

ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਬੀਤੀ ਰਾਤ ਗੁਰਮਤਿ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਨਾਨਕਸ਼ਾਹੀ ਸੰਮਤ 557 ਨਵੇਂ ਵਰ੍ਹੇ ਦੀ ਆਮਦ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ, ਸਿੱਖ ਨੂੰ ਹਮੇਸ਼ਾ ਗੁਰਬਾਣੀ ਦੀ ਸੇਧ ਵਿਚ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ ਅਤੇ ਕੌਮ ਨੂੰ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ ਦੀ ਅਪੀਲ ਕੀਤੀ।
ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਗੁਰਮੇਲ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰੋਫੈਸਰ ਡਾ. ਜਤਿੰਦਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ, ਕਵੀਸ਼ਰ ਭਾਈ ਸਤਨਾਮ ਸਿੰਘ ਬੱਦੋਵਾਲ ਦੇ ਜਥਿਆਂ ਨੇ ਗੁਰ-ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਰਜਿੰਦਰ ਸਿੰਘ ਰੂਬੀ, ਬਿਕਰਮਜੀਤ ਸਿੰਘ ਝੰਗੀ, ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਸਨ।

Advertisement