Punjab News: ਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 18 ਦਸੰਬਰ
ਕਿਸਾਨੀ ਮੰਗਾਂ ਮੰਨਵਾਉਣ ਲਈ ਢਾਬੀ ਗੁੱਜਰਾਂ ਬਾਰਡਰ ’ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 23ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਉਨ੍ਹਾਂ ਦੀ ਸਿਹਤ ਚਿੰਤਾਜਨਕ ਬਣੀ ਹੋਈ ਹੈ ਜਿਸ ਕਾਰਨ ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਨੂੰ ਸਟੇਜ ’ਤੇ ਨਾ ਲਿਜਾਂਦਾ ਜਾਵੇ। ਉਨ੍ਹਾਂ ਦੀ ਸਲਾਹ ਮੰਨ ਕੇ ਧਰਨਾ ਪ੍ਰਬੰਧਕਾਂ ਨੇ ਡੱਲੇਵਾਲ ਨੂੰ ਸਟੇਜ ’ਤੇ ਬਣਾਏ ਸ਼ੀਸ਼ੇ ਦੇ ਵੱਡੇ ਕੈਬਿਨ ਵਿੱਚ ਨਾ ਲਿਆਂਦਾ। ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਖੇਤੀਬਾੜੀ ਸੰਸਦ ਦੀ ਸਥਾਈ ਕਮੇਟੀ ਦੀ ਭਾਵਨਾ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਕੇਂਦਰ ਨੂੰ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਦੇ ਆਦੇਸ਼ ਦਿੱਤੇ ਜਾਣ। ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਪਹਿਲਾਂ ਹੀ ਕੈਂਸਰ ਤੋਂ ਪੀੜਤ ਹਨ ਅਤੇ ਹੁਣ ਮਰਨ ਵਰਤ ’ਤੇ ਰਹਿਣ ਕਾਰਨ ਉਨ੍ਹਾਂ ਦੀ ਰੋਗਾਂ ਨਾਲ ਲੜਨ ਦੀ ਤਾਕਤ ਬਹੁਤ ਘੱਟ ਗਈ ਹੈ ਜਿਸ ਕਾਰਨ ਉਨ੍ਹਾਂ ਦੀ ਹਾਲਤ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ ਉੱਪਰ ਪੰਜਾਬ ਭਰ ਵਿੱਚ ਸੈਂਕੜੇ ਥਾਵਾਂ ’ਤੇ ਰੇਲ ਰੋਕੋ ਪ੍ਰੋਗਰਾਮ ਕੀਤੇ ਗਏ। ਉਨ੍ਹਾਂ ਕਿਹਾ ਕਿ ਖੇਤੀ ਬਾਰੇ ਬਣੀ ਹੋਈ ਸੰਸਦ ਦੀ ਸਥਾਈ ਕਮੇਟੀ ਨੇ ਕੱਲ੍ਹ ਆਪਣੀ ਰਿਪੋਰਟ ਪੇਸ਼ ਕਰਦਿਆਂ ਕਿਹਾ ਸੀ ਕਿ ਐਮਐਸਪੀ ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ, ਹੁਣ ਸਰਕਾਰ ਨੇ ਫੈਸਲਾ ਕਰਨਾ ਹੈ ਕਿ ਉਹ ਸੰਸਦ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਜਾਂ ਨਹੀਂ? ਡੱਲੇਵਾਲ ਦੀ ਸਿਹਤ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਬਿਆਨ ਬਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਨੂੰ ਦੱਸਣਾ ਚਾਹੁੰਦੇ ਹਨ ਕਿ ਸਰਕਾਰ ਦੀ ਵਾਅਦਾ ਖਿਲਾਫੀ ਕਰਕੇ ਹੀ ਸ੍ਰੀ ਡੱਲੇਵਾਲ ਨੂੰ ਮਰਨ ਵਰਤ ਉੱਪਰ ਬੈਠਣਾ ਪੈ ਰਿਹਾ ਹੈ ਜੇਕਰ ਕੇਂਦਰ ਸਰਕਾਰ ਵਾਅਦੇ ਪੂਰੇ ਕਰ ਦੇਵੇ ਤਾਂ ਉਨ੍ਹਾਂ ਨੂੰ ਮਰਨ ਵਰਤ ਉੱਪਰ ਬੈਠਣ ਦੀ ਲੋੜ ਨਹੀਂ ਪਵੇਗੀ। ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਪਰਮਿੰਦਰ ਸਿੰਘ ਢੀਂਡਸਾ ਨੂੰ ਜਦੋਂ ਮੋਰਚੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਨਾ ਭੇਜੇ ਜਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੀ ਦੱਸ ਸਕਦੇ ਹਨ। ਉਨ੍ਹਾਂ ਗੁਰਦੁਆਰਾ ਮਸਤੂਆਣਾ ਸਾਹਿਬ ਤੋਂ ਲੰਗਰ ਲਿਆ ਰਹੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
ਸੀਚੇਵਾਲ ਵੱਲੋਂ ਕਿਸਾਨ ਆਗੂ ਦੀ ਮਿਜ਼ਾਜਪੁਰਸ਼ੀ
ਜਲੰਧਰ (ਹਤਿੰਦਰ ਮਹਿਤਾ):
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਖਨੌਰੀ ਬਾਰਡਰ ’ਤੇ ਕਿਸਾਨੀ ਹੱਕਾਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਪੁੱਛਣ ਪੁੱਜੇ। ਉਨ੍ਹਾਂ ਡੱਲੇਵਾਲ ਦੀ ਸਿਹਤਯਾਬੀ ਦੀ ਅਰਦਾਸ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਗੇ ਉਠਾਉਣਗੇ। ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਜੋ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਉਸ ਨੂੰ ਸਰਕਾਰ ਵੱਲੋਂ ਮੰਨ ਲੈਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆਂਦਾ ਜਾ ਰਿਹਾ। ਜਿਹੜੇ ਕਿਸਾਨਾਂ ਨੂੰ ਅੱਜ ਖੇਤਾਂ ਵਿੱਚ ਹੋਣਾ ਚਾਹੀਦਾ ਸੀ ਉਹ ਅੱਜ ਸੜਕਾਂ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਗੱਲ ਕਰਨਗੇ ਕਿ ਉਹ ਪੰਜਾਬ ਤਰਫੋਂ ਕਿਸਾਨਾਂ ਦੀ ਗੱਲ ਨੂੰ ਕੇਂਦਰ ਸਰਕਾਰ ਅੱਗੇ ਰੱਖਣ। ਪਿਛਲੇ 10 ਮਹੀਨਿਆਂ ਤੋਂ ਦਿੱਲੀ ਆਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਕਰਨਾ ਸੰਵਿਧਾਨਕ ਅਤੇ ਜਮਹੂਰੀ ਹੱਕ ਹੈ।