Punjab News: ਪੰਜ ਸਿੰਘ ਸਾਹਿਬਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਾਈ
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਤੇ ਲੱਗੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿਚ ਲਿਆ ਫ਼ੈਸਲਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਪਰੈਲ
Punjab News: ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ’ਤੇ ਲੱਗੇ ਦੋਸ਼ਾਂ ਤਹਿਤ ਉਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਾਈ ਗਈ ਹੈ ਅਤੇ ਉਨ੍ਹਾਂ ਨੂੰ ਪੰਥਕ ਸਰਗਰਮੀਆਂ ਤੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੋਂ ਗੁਰੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਸਿੱਖ ਪੰਥ ਨੂੰ ਪ੍ਰੇਰਨਾ ਕੀਤੀ ਗਈ ਹੈ ਕਿ ਸਿੱਖ ਅੰਤਿਮ ਅਰਦਾਸ ਸਮੇਂ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤ ਅਨੁਸਾਰ ਪਹਿਰਾ ਦਿੰਦੇ ਹੋਏ ਸਾਦੇ ਲੰਗਰ ਤਿਆਰ ਕਰਨ। ਇਹ ਖ਼ਰਚ ਲੋੜਵੰਦ ਬੱਚਿਆਂ ਦੀ ਮਦਦ ਲਈ ਕੀਤਾ ਜਾਵੇ।
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਹੋਈ ਅੱਜ ਦੀ ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਾ ਭਾਈ ਮੰਗਲ ਸਿੰਘ ਸ਼ਾਮਿਲ ਹੋਏ।
ਜਥੇਦਾਰ ਸਾਹਿਬਾਨ ਦੀ ਇਸ ਮੀਟਿੰਗ ਵਿੱਚ ਅੱਠ ਮਤੇ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਮਤੇ ਰਾਹੀਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਵਿੱਚ ਦੱਸਿਆ ਗਿਆ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ 15 ਜੁਲਾਈ, 2024 ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਗ਼ਲਤੀਆਂ ਦੀ ਤਨਖ਼ਾਹ ਲਵਾਈ ਸੀ, ਜਿਸ ਵਿੱਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ। ਪ੍ਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਵਿਖੇ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਉਹ ਆਪਣਾ ਪੱਖ ਨਹੀਂ ਰੱਖਦੇ ਅਤੇ ਲੱਗੇ ਦੋਸ਼ਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ, ਉਸ ਵੇਲੇ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੋਂ ਗੁਰੇਜ਼ ਕਰਨ।
ਇੱਕ ਮਤੇ ਰਾਹੀ ਗੁਰਸਿੱਖਾਂ ਨੂੰ ਪ੍ਰੇਰਨਾ ਕੀਤੀ ਗਈ ਹੈ ਕਿ ਜਿੱਥੇ ਉਹ ਨਿਤਨੇਮ ਕਰਦੇ ਹਨ, ਉਥੇ ਆਪਣੇ ਘਰਾਂ ਵਿੱਚ ਸੌਣ ਤੋਂ ਪਹਿਲਾਂ ਅੱਧਾ ਘੰਟਾ ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਸਾਖੀਆਂ ਸੁਣਾਉਣ ਦੀ ਰਵਾਇਤ ਨੂੰ ਮੁੜ ਸੁਰਜੀਤ ਕੀਤਾ ਜਾਵੇ ਤਾਂ ਕਿ ਬੱਚਿਆਂ ਨੂੰ ਸਿੱਖ ਕਦਰਾਂ ਕੀਮਤਾਂ ਦਾ ਵੱਧ ਤੋਂ ਵੱਧ ਗਿਆਨ ਹੋ ਸਕੇ ਅਤੇ ਸਿੱਖੀ ਨਾਲ ਪਿਆਰ ਵਧ ਸਕੇ।
ਇੱਕ ਮਤੇ ਰਾਹੀ ਸਮੁੱਚੇ ਸਿੱਖ ਜਗਤ ਨੂੰ ਪ੍ਰੇਰਨਾ ਕੀਤੀ ਗਈ ਹੈ ਕਿ ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰੇ ਅਤੇ ਇਹ ਖ਼ਰਚ ਲੋੜਵੰਦ ਬੱਚਿਆਂ ਦੀ ਮਦਦ ਲਈ ਵਰਤਿਆ ਜਾਵੇ। ਇੱਕ ਮਤੇ ਸਿੱਖ ਸੰਗਤ ਨੂੰ ਆਖਿਆ ਗਿਆ ਹੈ ਕਿ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਅਤੇ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਦੇ ਪ੍ਰਬੰਧ ਕੀਤੇ ਜਾਣ। ਤਖ਼ਤ ਸਾਹਿਬਾਨ ’ਤੇ ਵੀ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ ਅਤੇ ਸੰਗਤ ਇਸ ਦਾ ਵੱਧ ਤੋਂ ਵੱਧ ਲਾਹਾ ਲਵੇ।
ਇੱਕ ਮਤੇ ਰਾਹੀਂ ਸਿੱਖ ਸੰਗਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ, ਕੀਰਤਨੀਏ ਅਤੇ ਸੇਵਾਦਾਰਾਂ ਦੇ ਪਰਿਵਾਰਾਂ ਦਾ ਚੰਗੇ ਪਾਲਣ ਪੋਸ਼ਣ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ।
ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਨਾਲ ਸਬੰਧਤ ਪ੍ਰਚਾਰਕ, ਰਾਗੀ ,ਢਾਡੀ ਕਵੀਸ਼ਰਾਂ ਨੂੰ ਕਿਹਾ ਹੈ ਕਿ ਉਹ ਆਪਣੇ ਦੇਸ਼ ਵਿਦੇਸ਼ ਦੇ ਦੌਰਿਆਂ ਤੋਂ ਇਲਾਵਾ ਪੰਜਾਬ ਵਿੱਚ ਅਗਲੇ ਚਾਰ ਮਹੀਨੇ ਦਸ ਪਿੰਡ ਚੁਣਨ ਅਤੇ ਉਨ੍ਹਾਂ ਵਿੱਚ ਸਮਰਪਿਤ ਹੋ ਕੇ ਗੁਰੂ ਦਾ ਪ੍ਰਚਾਰ ਕਰਨ।
ਮੀਟਿੰਗ ਵਿੱਚ ਪੰਜ ਸਿੰਘ ਸਾਹਿਬਾਨ ਨੇ ਸਰਬ ਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਵੱਲੋਂ ਗੁਰਬਾਣੀ ਸੰਥਿਆ ਵਾਸਤੇ ਦਿੱਤੀਆਂ ਸੇਵਾਵਾਂ ਸ਼ਲਾਘਾਯੋਗ ਹਨ, ਜਿਨਾਂ ਲਈ ਉਨ੍ਹਾਂ ਦੇ ਪਰਿਵਾਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਸਨਮਾਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਦੀਆਂ ਪ੍ਰਚਾਰ ਸਬੰਧੀ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਤੋਂ ਸਨਮਾਨ ਦਿੱਤਾ ਜਾਵੇਗਾ।