ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ, ਜਥੇਦਾਰ ਗੜਗੱਜ ਨੇ ਦਿੱਤੀ ਕੌਮ ਨੂੰ ਵਧਾਈ

02:43 PM Jun 16, 2025 IST
featuredImage featuredImage
ਸ੍ਰੀ ਅਕਾਲ ਤਖਤ ਦੇ ਸਥਾਪਨਾ ਦਿਵਸ ਮੌਕੇ ਅਰਦਾਸ ਵਿੱਚ ਸ਼ਾਮਲ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੋਰ

ਜਥੇਦਾਰ ਨੇ ‘ਸਿੱਖਾਂ ਨੂੰ ਗੁਰੂ ਤੇ ਗੁਰੂ ਦੇ ਸਿਧਾਂਤ ਨਾਲੋਂ ਤੋੜਨ ਲਈ ਫੈਲਾਈ ਜਾ ਰਹੀ ਲੱਚਰਤਾ’ ਦਾ ਮੁਕਾਬਲਾ ਸੁਚੇਤ ਤੇ ਚੇਤੰਨ ਰੂਪ ’ਚ ਕਰਨ ਦੀ ਕੀਤੀ ਅਪੀਲ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜੂਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਇਸ ਲਈ ਕੀਤੀ ਕਿ ਰਾਜਨੀਤੀ ਧਰਮ ਦੇ ਮੁਤਾਬਕ ਹੋਵੇ, ਜਿਸ ਨਾਲ ਰੱਬ ਦੇ ਨਿਆਂ ਵਾਲੇ ਸਮਾਜ ਦੀ ਸਿਰਜਣਾ ਹੋਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ। ਜਥੇਦਾਰ ਗਿਆਨੀ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਕਾਲ ਪੁਰਖ ਦਾ ਤਖਤ ਹੈ, ਜਿਸ ਨੂੰ ਗੁਰੂ ਸਾਹਿਬ ਨੇ ਆਪ ਸਿਰਜਿਆ।
ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਸਦਾ ਸਮਰਪਿਤ ਰਹੇਗਾ। 18ਵੀਂ ਸਦੀ ਵਿਚ ਜਦੋਂ ਹਕੂਮਤਾਂ ਨੇ ਸਿੱਖਾਂ ਦਾ ਖੁਰਾਖੋਜ ਮਿਟਾਉਣ ਦਾ ਐਲਾਨ ਕੀਤਾ, ਤਾਂ ਕੌਮ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਵਾਈ ਲੈ ਅਬਦਾਲੀ ਨੂੰ ਗਜ਼ਨੀ ਤੱਕ ਭਜਾਇਆ।
ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਸਿੱਖਾਂ ਨੂੰ ਗੁਰੂ ਤੇ ਗੁਰੂ ਦੇ ਸਿਧਾਂਤ ਨਾਲੋਂ ਤੋੜਨ ਲਈ ਫੈਲਾਈ ਜਾ ਰਹੀ ਲੱਚਰਤਾ ਦਾ ਮੁਕਾਬਲਾ ਸੁਚੇਤ ਤੇ ਚੇਤੰਨ ਰੂਪ ਵਿਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਆਪਣੀ ਜ਼ਿੰਮੇਵਾਰੀ ਸਮਝੀਏ ਅਤੇ ਅਜਿਹੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਬੱਚਿਆਂ ਨੂੰ ਧਰਮ ਨਾਲ ਜੋੜੀਏ।
ਉਨ੍ਹਾਂ ਸਮੁੱਚੀ ਕੌਮ ਨੂੰ ਖੁਆਰੀਆਂ ਵਿਚੋਂ ਨਿਕਲਣ ਲਈ ਗੁਰੂ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਸਾਇਆ ਹੇਠ ਇਕੱਤਰ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਤੋਂ ਪਹਿਲਾਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮਗਰੋਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਦਾ ਕੀਰਤਨ ਕੀਤਾ।
ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਨੇ ਸੰਗਤਾਂ ਨੂੰ ਅੱਜ ਦੇ ਇਤਿਹਾਸ ਨਾਲ ਜੋੜਦਿਆਂ ਕਿਹਾ ਕਿ ਛੇਵੇਂ ਗੁਰੂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕਰਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ। ਜ਼ੁਲਮ ਨਾਲ ਟੱਕਰ ਲੈਣ ਲਈ ਸਿੱਖਾਂ ਨੂੰ ਸ਼ਸਤਰ ਵਿਦਿਆ ਦਾ ਅਭਿਆਸ ਕਰਵਾ ਕੇ ਕੌਮ ਅੰਦਰ ਬੀਰਰੱਸ ਦੀ ਭਾਵਨਾ ਭਰੀ।
ਗੁਰੂ ਸਾਹਿਬ ਨੇ ਤਖਤ ’ਤੇ ਬਿਰਾਜਮਾਨ ਹੋ ਕੇ ਸਿੱਖ ਸੂਰਮਿਆਂ ਵਿੱਚ ਜੋਸ਼ ਭਰਨ ਲਈ ਢਾਡੀ ਵਾਰਾਂ ਸ਼ੁਰੂ ਕਰਵਾਈਆਂ। ਇਹ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਕੌਮ ਅੰਦਰ ਅਣਖ, ਜਜ਼ਬਾ ਤੇ ਦ੍ਰਿੜ੍ਹਤਾ ਪੈਦਾ ਕੀਤੀ ਹੈ ।

Advertisement

Advertisement