Punjab News: ਲੜਕੀ ਵੱਲੋਂ ਵਿਆਹ ਤੋਂ ਇਨਕਾਰ; ਨੌਜਵਾਨ ਵੱਲੋਂ ਖੁਦਕੁਸ਼ੀ
ਸੰਤੋਖ ਗਿੱਲ
ਗੁਰੂਸਰ ਸੁਧਾਰ, 30 ਮਾਰਚ
ਮੁੱਲਾਂਪੁਰ ਵਾਸੀ ਪਵਨਪ੍ਰੀਤ ਸਿੰਘ ਦੀ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਅੱਜ ਸਵੇਰੇ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪਵਨਪ੍ਰੀਤ ਸਿੰਘ ਨੇ ਸ਼ਨਿਚਰਵਾਰ ਨੂੰ ਪਿੰਡ ਹਲਵਾਰਾ ਦੀ ਇਕ ਲੜਕੀ ਦੇ ਘਰ ਸਾਹਮਣੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਪਵਨਪ੍ਰੀਤ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਦਾ ਕਾਰਨ ਪ੍ਰੇਮ ਸਬੰਧ ਦੱਸੇ ਜਾ ਰਹੇ ਹਨ। ਉਹ ਬਾਡੀ ਬਿਲਡਰ ਅਤੇ ਬਾਊਂਸਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਦੇ ਹਲਵਾਰਾ ਦੀ ਲੜਕੀ ਨਾਲ ਪਿਛਲੇ ਕਈ ਸਾਲਾਂ ਤੋਂ ਪ੍ਰੇਮ ਸਬੰਧ ਸਨ ਪਰ 2023 ਵਿੱਚ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਲੜਕੀ ਅਤੇ ਉਸ ਦੇ ਪਰਿਵਾਰ ਨੇ ਸਬੰਧ ਤੋੜ ਲਏ ਸਨ। ਜ਼ਮਾਨਤ 'ਤੇ ਰਿਹਾਅ ਹੋਣ ਬਾਅਦ ਪਵਨਪ੍ਰੀਤ ਨੇ ਲੜਕੀ ਨਾਲ ਵਿਆਹ ਕਰਵਾਉਣ ਲਈ ਯਤਨ ਆਰੰਭ ਦਿੱਤੇ ਸਨ, ਪਰ ਲੜਕੀ ਅਤੇ ਉਸ ਦੇ ਪਰਿਵਾਰ ਨੇ ਉਸ ਦੀ ਪੇਸ਼ਕਸ਼ ਠੁਕਰਾ ਦਿੱਤੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ 27 ਮਾਰਚ ਨੂੰ ਪਵਨਪ੍ਰੀਤ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਦਾ ਪ੍ਰਸਤਾਵ ਲੈ ਕੇ ਲੜਕੀ ਦੇ ਘਰ ਗਿਆ ਸੀ, ਪਰ ਨਿਰਾਸ਼ਾ ਹੀ ਪੱਲੇ ਪਈ। ਨਿਰਾਸ਼ ਪਵਨਪ੍ਰੀਤ ਨੇ ਸ਼ਨਿਚਰਵਾਰ ਸਵੇਰੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਇਸੇ ਦੌਰਾਨ ਉਸ ਨੇ ਲੜਕੀ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤੀਆਂ ਸਨ। ਗੰਭੀਰ ਹਾਲਤ ਵਿੱਚ ਨੌਜਵਾਨ ਨੂੰ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਕਸਬਾ ਸੁਧਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਸੀ, ਹਾਲਤ ਵਿਗੜਨ ਬਾਅਦ ਉਸ ਨੂੰ ਲੁਧਿਆਣਾ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ। ਹਾਲਤ ਹੋਰ ਵੀ ਖ਼ਰਾਬ ਹੋਣ ਬਾਅਦ ਪਰਿਵਾਰਕ ਮੈਂਬਰਾਂ ਨੇ ਚੰਡੀਗੜ੍ਹ ਦਾਖਲ ਕਰਵਾ ਦਿੱਤਾ ਸੀ, ਪਰ ਐਤਵਾਰ ਤੜਕਸਾਰ 2 ਵਜੇ ਉਸ ਦੀ ਮੌਤ ਹੋ ਗਈ। ਥਾਣਾ ਸੁਧਾਰ ਦੇ ਮੁਖੀ ਜਸਵਿੰਦਰ ਸਿੰਘ ਅਨੁਸਾਰ ਲੜਕੀ ਦੇ ਪਰਿਵਾਰ ਵੱਲੋਂ 27 ਮਾਰਚ ਨੂੰ ਪਵਨਪ੍ਰੀਤ ਖ਼ਿਲਾਫ਼ ਤੰਗ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ।