Punjab News ਜੇ ਸਰਕਾਰ ਦੇ ਇਰਾਦੇ ਨੇਕ ਹਨ ਤਾਂ ਉਹ ਇਕ-ਦੋ ਦਿਨਾਂ ’ਚ ਕਿਸਾਨਾਂ ਨਾਲ ਗੱਲਬਾਤ ਕਰੇ: ਖੁੱਡੀਆਂ
ਚੰਡੀਗੜ੍ਹ, 19 ਜਨਵਰੀ
ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਜੇ ਕੇਂਦਰ ਸਰਕਾਰ ਦੇ ਇਰਾਦੇ ਠੀਕ ਹਨ ਤਾਂ ਉਸ ਨੂੰ ਧਰਨਾਕਾਰੀ ਕਿਸਾਨਾਂ ਨਾਲ 14 ਫਰਵਰੀ ਤੋਂ ਪਹਿਲਾਂ ਗੱਲਬਾਤ ਕਰਨੀ ਚਾਹੀਦੀ ਹੈ। ਖੁੱਡੀਆਂ ਨੇ ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਜੇ ਕੇਂਦਰ ਸਰਕਾਰ ਦੇ ਇਰਾਦੇ ਨੇਕ ਹਨ ਤਾਂ ਉਨ੍ਹਾਂ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਇਕ ਜਾਂ ਦੋ ਦਿਨਾਂ ਵਿਚ ਗੱਲਬਾਤ ਕਰਨੀ ਚਾਹੀਦੀ ਹੈ।’’ ਇਸ ਤੋਂ ਪਹਿਲਾਂ ਖੁੱਡੀਆਂ ਨੇ 4 ਜਨਵਰੀ ਨੂੰ ਵੀ ਇਸ ਪੂਰੇ ਮਾਮਲੇ ਵਿਚ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਦਖ਼ਲ ਦੀ ਮੰਗ ਕੀਤੀ ਸੀ। ਉਨ੍ਹਾਂ ਅਪੀਲ ਕੀਤੀ ਸੀ ਕਿ ਸਰਕਾਰ ਤੇ ਕਿਸਾਨਾਂ ਦਰਮਿਆਨ ਬਣੇ ਜਮੂਦ ਨੂੰ ਤੋੜਨ ਲਈ ਕੇਂਦਰ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰੇ।
ਖੇਤੀ ਮੰਤਰਾਲੇ ’ਚ ਜੁਆਇੰਟ ਸਕੱਤਰ ਪ੍ਰਿਯਾ ਰੰਜਨ ਨੇ ਸ਼ਨਿੱਚਰਵਾਰ ਨੂੰ ਖਨੌਰੀ ਬਾਰਡਰ ’ਤੇ ਦੋਵਾਂ ਫੋਰਮਾਂ ਦੇ ਕਿਸਾਨ ਆਗੂਆਂ ਨਾਲ ਪੰਜ ਘੰਟੇ ਦੇ ਕਰੀਬ ਚੱਲੀ ਵਿਚਾਰ ਚਰਚਾ ਤੋਂ ਬਾਅਦ ਇਨ੍ਹਾਂ ਆਗੂਆਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ਵਿਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ (ਮਗਸਿਪਾ) ਵਿਚ ਗੱਲਬਾਤ ਲਈ ਸੱਦਾ ਦਿੱਤਾ ਸੀ। ਪ੍ਰਿਯਾ ਰੰਜਨ ਨੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਮੁਲਾਕਾਤ ਕੀਤੀ ਸੀ। ਤਜਵੀਜ਼ਤ ਗੱਲਬਾਤ ਦੇ ਸੱਦੇ ਮਗਰੋਂ ਡੱਲੇਵਾਲ ਮੈਡੀਕਲ ਏਡ ਲੈਣ ਲਈ ਰਾਜ਼ੀ ਹੋ ਗਏ ਹਨ। ਹਾਲਾਂਕਿ 14 ਫਰਵਰੀ ਦੀ ਬੈਠਕ ਤੱਕ ਉਹ ਆਪਣਾ ਮਰਨ ਵਰਤ ਜਾਰੀ ਰੱਖਣਗੇ। -ਪੀਟੀਆਈ