ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਵਾਪਰੀ ਗੁਰਬਾਣੀ ਦੀ ਬੇਅਦਬੀ ਦੀ ਘਟਨਾ, ਮੁਲਜ਼ਮ ਕਾਬੂ

02:44 PM Jun 03, 2025 IST
featuredImage featuredImage
ਬੇਅਦਬੀ ਦੀ ਘਟਨਾ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਮੁਲਜ਼ਮ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਾਪਿਤ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਸਰਾਂ ਨੇੜੇ ਪਾੜੇ ਗੁਟਕਾ ਸਾਹਿਬ ਦੇ ਅੰਗ; ਦੇਖ ਕੇ ਸੰਗਤ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕੀਤਾ ਕਾਬੂ

Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਜੂਨ
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਨੇੜੇ ਇੱਕ ਵਾਰ ਮੁੜ ਗੁਰਬਾਣੀ ਦੀ ਬੇਅਦਬੀ ਕਰਨ ਦੀ ਘਟਨਾ ਵਾਪਰੀ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ।
ਇਹ ਘਟਨਾ ਉਸ ਵੇਲੇ ਵਾਪਰੀ ਹੈ ਜਦੋਂ ਦੋ ਦਿਨ ਬਾਅਦ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਦੱਸਿਆ ਜਾ ਰਿਹਾ ਹੈ।

ਸੰਗਤ ਨੇ ਮਾਨਸਿਕ ਰੋਗੀ ਦੱਸੇ ਜਾਂਦੇ ਮੁਲਜ਼ਮ ਨੂੰ ਕੁੱਟਮਾਰ ਪਿੱਛੋਂ ਪੁਲੀਸ ਹਵਾਲੇ ਕੀਤਾ

ਮੁਲਜ਼ਮ ਵੱਲੋਂ ਇੱਥੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਾਪਿਤ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਸਰਾਂ ਦੇ ਨੇੜੇ ਗੁਟਕਾ ਸਾਹਿਬ ਦੇ ਅੰਗ ਪਾੜੇ ਗਏ ਹਨ ਅਤੇ ਗੁਰਬਾਣੀ ਦੀ ਬੇਅਦਬੀ ਕੀਤੀ ਗਈ ਹੈ। ਇਸ ਵਿਅਕਤੀ ਨੂੰ ਅਜਿਹਾ ਕਰਦਿਆਂ ਸੰਗਤ ਅਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਕਾਬੂ ਕਰ ਲਿਆ। ਉਸ ਦੀ ਮਾਰਕੁੱਟ ਵੀ ਕੀਤੀ ਗਈ ਅਤੇ ਬਾਅਦ ਵਿੱਚ ਪੁਲੀਸ ਨੂੰ ਸੌਂਪ ਦਿੱਤਾ ਗਿਆ।

Advertisement

ਆਖ਼ਰ ਮਾਨਸਿਕ ਰੋਗੀ ਗੁਰਬਾਣੀ ਦੀ ਬੇਅਦਬੀ ਹੀ ਕਿਉਂ ਕਰਦੇ ਹਨ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਵੇਲੇ ਵਾਪਰੀ। ਮੁਲਜ਼ਮ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ (ਸ਼ਹੀਦਾਂ) ਤੋਂ ਸੁਖਮਨੀ ਸਾਹਿਬ ਦੇ ਤਿੰਨ ਗੁਟਕੇ ਲਏ ਸਨ। ਇਹ ਵਿਅਕਤੀ ਗੁਟਕਿਆਂ ਦੇ ਅੰਗ ਰਸਤੇ ਵਿੱਚ ਪਾੜਦਾ ਹੋਇਆ ਗੁਰੂ ਅਰਜਨ ਦੇਵ ਨਿਵਾਸ ਨੇੜੇ ਪੁੱਜਿਆ। ਉਥੇ ਵੀ ਉਸ ਨੇ ਇੱਕ ਗੁਟਕੇ ਦੇ ਅੰਗ ਪਾੜੇ ਅਤੇ ਗੁਰਬਾਣੀ ਦੀ ਬੇਅਦਬੀ ਕੀਤੀ।
ਉਹਨਾਂ ਦੱਸਿਆ ਕਿ ਇਸ ਵਿਅਕਤੀ ਨੂੰ ਡਿਊਟੀ ’ਤੇ ਹਾਜ਼ਰ ਕਰਮਚਾਰੀਆਂ ਨੇ ਕਾਬੂ ਕਰ ਲਿਆ ਸੀ। ਉਸ ਦਾ ਕੁਟਾਪਾ ਵੀ ਕੀਤਾ ਗਿਆ ਹੈ ਤੇ ਬਾਅਦ ਵਿੱਚ ਪੁਲੀਸ ਨੂੰ ਸੌਂਪ ਦਿੱਤਾ ਹੈ।
ਉਹਨਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਮਾਨਸਿਕ ਰੋਗੀ ਸਿਰਫ ਗੁਰਬਾਣੀ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੀ ਬੇਅਦਬੀ ਕਿਉਂ ਕਰਦੇ ਹਨ? ਉਹਨਾਂ ਕਿਹਾ ਕਿ ਇੱਕ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਪੁਲੀਸ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਤਹਿ ਤੱਕ ਪੁੱਜਿਆ ਜਾਵੇ।

ਧਾਮੀ ਨੇ ਬੇਅਦਬੀ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਦੁਹਰਾਈ

ਉਹਨਾਂ ਆਖਿਆ ਕਿ ਉਹ ਇਸ ਹੱਕ ਵਿੱਚ ਹਨ ਕਿ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਜਦੋਂ ਸਖਤ ਸਜ਼ਾ ਹੋਵੇਗੀ ਤਾਂ ਅਜਿਹਾ ਕਰਨ ਦਾ ਕੋਈ ਵੀ ਹੀਆ ਨਹੀਂ ਕਰੇਗਾ। ਉਹਨਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਪਰ ਹੁਣ ਤੱਕ ਕੁਝ ਵੀ ਠੋਸ ਕਾਰਵਾਈ ਨਹੀਂ ਹੋਈ ਹੈ।

ਪਹਿਲਾਂ ਹਰਿਮੰਦਰ ਸਾਹਿਬ ਦੇ ਅੰਦਰ ਵੀ ਵਾਪਰੀ ਸੀ ਅਜਿਹੀ ਘਟਨਾ

ਦੱਸਣਯੋਗ ਹੈ ਕਿ ਕੁਝ ਸਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸੱਚਖੰਡ ਵਿਖੇ ਵੀ ਇੱਕ ਵਿਅਕਤੀ ਦਾਖਲ ਹੋ ਗਿਆ ਸੀ ਅਤੇ ਉਸ ਨੇ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਨੂੰ ਸੰਗਤ ਨੇ ਕਾਬੂ ਕਰ ਲਿਆ ਅਤੇ ਇੰਨਾ ਕੁਟਾਪਾ ਚਾੜ੍ਹਿਆ ਕਿ ਉਸ ਦੀ ਮੌਤ ਹੋ ਗਈ ਸੀ। ਉਸ ਵਿਅਕਤੀ ਦੀ ਪਛਾਣ ਅੱਜ ਤੱਕ ਨਹੀਂ ਹੋ ਸਕੀ ਹੈ।

ਮੁਲਜ਼ਮ ਗ੍ਰਿਫ਼ਤਾਰ, ਜਾਂਚ ਜਾਰੀ: ਪੁਲੀਸ

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Advertisement