For the best experience, open
https://m.punjabitribuneonline.com
on your mobile browser.
Advertisement

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

11:58 AM Jul 05, 2025 IST
punjab news  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਧਰਮ ਦੀ ਕਮਾਈ ਕਰਦਿਆਂ ਸੱਚ ਦੀ ਰਾਜਨੀਤੀ ਰਾਹੀਂ ਮਜ਼ਲੂਮਾਂ ਦੀ ਰੱਖਿਆ ਕਰਨ ਵਾਲਾ ਹੈ।
ਉਨ੍ਹਾਂ ਕਿਹਾ ਕਿ ਸੰਸਾਰ ਅੰਦਰ ਸਮਝਿਆ ਜਾਂਦਾ ਸੀ ਕਿ ਧਰਮ ਤੇ ਰਾਜਨੀਤੀ ਵੱਖਰੀ ਹੈ, ਪਰ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਇਕ ਨਿਵੇਕਲਾ ਸਿਧਾਂਤ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਮੀਰ’ ਨੂੰ ਜ਼ੁਲਮ ਦੇ ਰਾਹ ਚੱਲਣ ਤੋਂ ਵਰਜਿਆ ਅਤੇ ‘ਪੀਰ’ ਨੂੰ ਪਾਖੰਡ ਤੇ ਕਰਮ ਕਾਂਡ ਛੱਡ ਕੇ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਅਨੁਸਾਰ ਹੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਧਰਮ ਤੇ ਰਾਜਨੀਤੀ ਨੂੰ ਇਕੱਠਿਆਂ ਕੀਤਾ ਅਤੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰ ਕੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਗੁਰੂ ਸਿਧਾਂਤਾਂ ’ਤੇ ਅਮਲ ਕਰਦਿਆਂ ਇਨਸਾਫ਼ ਦਾ ਅਜਿਹਾ ਰਾਜ ਦਿੱਤਾ, ਜਿਸ ਦੀ ਦੁਨੀਆ ਅੰਦਰ ਕਿਧਰੇ ਮਿਸਾਲ ਨਹੀਂ ਮਿਲਦੀ।
ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇੱਕ ਸਾਂਝੇ ਪਰਿਵਾਰ ਵਾਂਗ ਵਿਚਰਦਿਆਂ ਗੁਰੂ ਸਾਹਿਬ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਸਮਾਗਮ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਵੀ ਮੀਰੀ ਪੀਰੀ ਦਿਵਸ ਦੀ ਸੰਗਤਾਂ ਨੂੰ ਦਿੱਤੀ ਵਧਾਈ ਦਿੱਤੀ।

Advertisement

Advertisement
Advertisement
Advertisement
Author Image

Balwinder Singh Sipray

View all posts

Advertisement