Punjab News ਮੋਗਾ ਸੈਕਸ ਸਕੈਂਡਲ: ਦੋਸ਼ੀਆਂ ਨੂੰ ਹੁਣ ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ
ਦਰਸ਼ਨ ਸਿੰਘ ਸੋਢੀ
ਮੁਹਾਲੀ, 4 ਅਪਰੈਲ
Punjab News: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਮੇਤ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐਸਐਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਹੁਣ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ।
ਅਦਾਲਤ ਵੱਲੋਂ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਲਈ ਪਹਿਲਾਂ ਅੱਜ ਚਾਰ ਅਪਰੈਲ ਦਾ ਦਿਨ ਮੁਕੱਰਰ ਕੀਤਾ ਗਿਆ ਸੀ। ਉਪਰੋਕਤ ਪੁਲੀਸ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਗਿਆ ਹੈ।
ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਪਿਛਲੀ ਤਰੀਕ 'ਤੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇੱਕ ਮਹਿਲਾ ਮੁਲਜ਼ਮ ਮਨਜੀਤ ਕੌਰ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ।
ਇਸ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ 11 ਦਸੰਬਰ, 2007 ਨੂੰ ਕੇਸ ਦਰਜ ਕਰ ਕੇ ਕਾਰਵਾਈ ਆਰੰਭੀ ਸੀ।