Punjab News: ਹਵਾਲਾਤੀ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ’ਚ ਫਾਹਾ ਲੈ ਕੇ ਖ਼ੁਦਕੁਸ਼ੀ
ਨਸ਼ੇ ਕਰਨ ਦਾ ਸੀ ਆਦੀ ਪਵਨਦੀਪ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 23 ਅਪਰੈਲ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਇਕ ਹਵਾਲਾਤੀ ਵੱਲੋਂ ਬੀਤੀ ਦੇਰ ਰਾਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਨੂੰ ਫ਼ੌਰੀ ਹਸਪਤਾਲ ਪਹੁੰਚਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਪਵਨਦੀਪ ਸਿੰਘ ਉਰਫ਼ ਪ੍ਰਿੰਸ ਪੁੱਤਰ ਮੰਗਲ ਸਿੰਘ ਵਾਸੀ ਲੋਹਾਰਕਾ ਰੋਡ, ਗੁਮਟਾਲਾ ਕਾਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਪਵਨਦੀਪ ਸਿੰਘ ਨਸ਼ੇ ਦਾ ਆਦੀ ਸੀ ਅਤੇ ਓਟ ਸੈਂਟਰ ਵਾਲੀ ਦਵਾਈ ਦੀ ਵਰਤੋਂ ਕਰਦਾ ਸੀ। ਉਸ ਨੂੰ ਜੇਲ੍ਹ ਦੇ ਰਿਸੈਪਸ਼ਨ ਵਾਰਡ 4 ਵਿੱਚ ਰੱਖਿਆ ਗਿਆ ਸੀ, ਜਿੱਥੇ ਮੰਗਲਵਾਰ ਰਾਤ 11:15 ਉਸ ਨੇ ਵਾਰਡ ਦੇ ਬਾਥਰੂਮ ਵਿੱਚ ਆਪਣੇ ਸਿਰ ’ਤੇ ਬੰਨ੍ਹੇ ਹੋਏ ਪਰਨੇ ਨਾਲ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ।
ਉਸ ਨੂੰ ਜੇਲ੍ਹ ਅਧਿਕਾਰੀਆਂ ਵੱਲੋਂ ਤੁਰੰਤ ਜੇਲ੍ਹ ਦੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਪਵਨਦੀਪ ਸਿੰਘ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੇ ਡਾਕਟਰਾਂ ਵੱਲੋਂ ਪਵਨਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।