Punjab News: ਪਾਵਰਕੌਮ ਮੁਲਾਜ਼ਮਾਂ ਵੱਲੋਂ ਕੈਬਨਿਟ ਮੰਤਰੀ ਸੌਂਦ ਦੇ ਘਰ ਅੱਗੇ ਪ੍ਰਦਰਸ਼ਨ
ਜੋਗਿੰਦਰ ਸਿੰਘ ਓਬਰਾਏ
ਖੰਨਾ, 4 ਦਸੰਬਰ
ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟ ਇੰਪਲਾਈਜ਼ ਯੂਨੀਅਨ ਨੇ ਅੱਜ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਸੇਵਾ ਮੁਕਤ ਮੁਲਾਜ਼ਮਾਂ ਨੂੰ ਮੁੜ ਨੌਕਰੀ ’ਤੇ ਰੱਖਣ ਸਬੰਧੀ ਜਾਰੀ ਕੀਤੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਖੰਨਾ ਸ਼ਹਿਰ ਵਿਚ ਰੋਸ ਮਾਰਚ ਕੀਤਾ। ਇਸ ਦੌਰਾਨ ਲਲਹੇੜੀ ਰੋਡ ਸਥਿਤ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜ਼ਮੀਲ ਮੁਹੰਮਦ, ਗੁਰਮੀਤ ਸਿੰਘ, ਸੁਖਪਾਲ ਸਿੰਘ, ਸੁਖਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਲਗਾਤਾਰ ਨਿੱਜੀਕਰਨ ਵੱਲ ਤੁਰੀ ਜਾ ਰਹੀ ਹੈ। ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਨਵੀਂ ਭਰਤੀ ਕਰਨ ਦੀ ਥਾਂ ਸੇਵਾ ਮੁਕਤ ਕਰਮਚਾਰੀਆਂ ਨੂੰ ਭਰਤੀ ਪੱਤਰ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਪਾਵਰਕੌਮ ਮੈਨੇਜਮੈਂਟ ਨੇ ਸੇਵਾ ਮੁਕਤੀ ਰੱਦ ਕਰਕੇ ਠੇਕੇ ’ਤੇ ਰੱਖੇ ਕਾਮਿਆਂ ਨੂੰ ਰੈਗੂਲਰ ਨਾ ਕੀਤਾ ਤਾਂ ਪਰਿਵਾਰਾਂ ਅਤੇ ਬੱਚਿਆਂ ਨਾਲ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਬਹਾਲ ਕਰਨ ਵਿਚ ਸੀਐਚਬੀ, ਸੀਐਚਡਬਲਿਊ ਵਰਕਰਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਦੌਰਾਨ ਕਈ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਅਪਾਹਜ ਹੋ ਗਏ, ਜਿਨ੍ਹਾਂ ਨੂੰ ਸਰਕਾਰ ਨੇ ਕੋਈ ਸਹਾਇਤਾ ਜਾਂ ਮੁਆਵਜ਼ਾ ਨਹੀਂ ਦਿੱਤਾ ਅਤੇ ਨਾ ਹੀ ਰੁਜ਼ਗਾਰ ਦੀ ਕੋਈ ਗਾਰੰਟੀ ਦਿੱਤੀ ਹੈ। ਹਾਦਸੇ ਦੇ ਪੀੜਤਾਂ ਦੇ ਪਰਿਵਾਰ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਪਰੋਕਤ ਆਗੂਆਂ ਨੇ ਮੰਗ ਕੀਤੀ ਕਿ ਆਊਟਸੋਰਸ ਕਾਮਿਆਂ ਨੂੰ ਵਿਭਾਗ ਵਿਚ ਸਿੱਧਾ ਜੋੜਿਆ ਜਾਵੇ, ਘੱਟੋ ਘੱਟ ਰਹਿਣ ਯੋਗ ਉਜਰਤਾਂ ਤੈਅ ਕੀਤੀਆਂ ਜਾਣ, ਪੱਕੇ ਰੁਜ਼ਗਾਰ ਦੀ ਗਾਰੰਟੀ ਅਤੇ ਹਾਦਸਾ ਪੀੜਤਾਂ ਨੂੰ ਮੁਆਵਜ਼ਾ ਅਤੇ ਪੈਨਸ਼ਨ ਦਿੱਤੀ ਜਾਵੇ।
ਯੂਨੀਅਨ ਨੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਲਗਾਤਾਰ ਮੁਲਤਵੀ ਕਰਨ ਦੇ ਵਿਰੋਧ ਵਿਚ 10 ਦਸੰਬਰ ਨੂੰ ਪਰਿਵਾਰਾਂ ਸਮੇਤ ਸੂਬਾ ਪੱਧਰੀ ਹੜਤਾਲ ਕਰਨ ਦਾ ਐਲਾਨ ਕੀਤਾ।