Punjab News: ਪੰਜਾਬ ਭਾਜਪਾ ਨੂੰ ਜਲਦੀ ਮਿਲ ਸਕਦੈ ਨਵਾਂ ਪ੍ਰਧਾਨ
ਚਰਨਜੀਤ ਭੁੱਲਰ
ਚੰਡੀਗੜ੍ਹ, 2 ਜਨਵਰੀ
ਪੰਜਾਬ ਭਾਜਪਾ ਨੂੰ ਜਲਦੀ ਨਵਾਂ ਪ੍ਰਧਾਨ ਮਿਲਣ ਦੀ ਸੰਭਾਵਨਾ ਹੈ ਕਿਉਂਕਿ ਪਾਰਟੀ ਨੇ ਇਸ ਸਬੰਧੀ ਮੁੱਢਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਭਾਜਪਾ ਦੇ ਪ੍ਰੋਗਰਾਮ ‘ਸੰਗਠਨ ਪਰਵ’ ਵਿਚ ਪੰਜਾਬ ਦੇ ਸੀਨੀਅਰ ਆਗੂ ਅਤੇ ਅਹੁਦੇਦਾਰ ਜੁੜੇ ਜਿਸ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਲੈ ਕੇ ਵਿਚਾਰ ਚਰਚਾ ਹੋਈ। ਪਾਰਟੀ ਦੇ ਕੌਮੀ ਸੰਗਠਨ ਸਕੱਤਰ ਬੀਐੱਲ ਸੰਤੋਸ਼ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੁਪਾਨੀ ਵੀ ਮੀਟਿੰਗ ਦੌਰਾਨ ਹਾਜ਼ਰ ਸਨ। ਰੁਪਾਨੀ ਨੇ ਕਿਹਾ ਕਿ ਬੂਥ ਤੇ ਬਲਾਕ ਪੱਧਰ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਵੀ ਚੋਣਾਂ ਕਰਵਾਈਆਂ ਜਾਣਗੀਆਂ। ਉਸ ਮਗਰੋਂ ਸੂਬਾ ਪੱਧਰ ’ਤੇ ਚੋਣ ਕਰਵਾਈ ਜਾਵੇਗੀ। ਰੁਪਾਨੀ ਵੱਲੋਂ ਇਹ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਤੋਂ ਸਾਫ਼ ਹੈ ਕਿ ਪੰਜਾਬ ਭਾਜਪਾ ਨੂੰ ਛੇਤੀ ਨਵਾਂ ਪ੍ਰਧਾਨ ਮਿਲ ਸਕਦਾ ਹੈ। ਭਾਜਪਾ ਆਗੂ ਸੁਨੀਲ ਜਾਖੜ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ ਪਰ ਉਨ੍ਹਾਂ ਦਾ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਹੋਇਆ ਹੈ। ਅੱਜ ਦੀ ਮੀਟਿੰਗ ’ਚੋਂ ਵੀ ਜਾਖੜ ਗ਼ੈਰਹਾਜ਼ਰ ਰਹੇ। ਉਨ੍ਹਾਂ ਜ਼ਿਮਨੀ ਚੋਣਾਂ, ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ’ਚ ਵੀ ਪ੍ਰਚਾਰ ਨਹੀਂ ਕੀਤਾ ਸੀ। ਭਾਜਪਾ ਨੇ ਪੰਜਾਬ ਵਿਚ ਆਪਣੀ ਮੈਂਬਰਸ਼ਿਪ ਮੁਹਿੰਮ 21 ਜਨਵਰੀ ਤੱਕ ਚਲਾਏ ਜਾਣ ਦਾ ਫ਼ੈਸਲਾ ਕੀਤਾ ਹੈ ਜਦੋਂ ਕਿ ਪਹਿਲਾਂ ਇਹ ਮੁਹਿੰਮ 10 ਜਨਵਰੀ ਨੂੰ ਖ਼ਤਮ ਹੋਣੀ ਸੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਪੰਜਾਬ ਵਿਚ ਹੁਣ ਤੱਕ ਅੱਠ ਲੱਖ ਮੈਂਬਰ ਬਣ ਚੁੱਕੇ ਹਨ। ਮੀਟਿੰਗ ਵਿਚ ਦਿਆਲ ਸੋਢੀ ਤੇ ਸੁਭਾਸ਼ ਸ਼ਰਮਾ ਸਮੇਤ ਛੇ ਜਨਰਲ ਸਕੱਤਰ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਹਰਜੀਤ ਗਰੇਵਾਲ, ਜਗਦੀਪ ਸਿੰਘ ਨਕਈ, ਕੇਵਲ ਸਿੰਘ ਢਿੱਲੋਂ, ਇਕਬਾਲ ਸਿੰਘ ਲਾਲਪੁਰਾ, ਪ੍ਰਨੀਤ ਕੌਰ ਆਦਿ ਹਾਜ਼ਰ ਸਨ।
ਕਿਸਾਨਾਂ ਦੀਆਂ ਮੰਗਾਂ ਮੰਨਣ ’ਤੇ ਆਗੂਆਂ ਨੇ ਪਾਇਆ ਜ਼ੋਰ
ਭਾਜਪਾ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਪੰਜਾਬ ਭਾਜਪਾ ਦੇ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਉਠਾਈਆਂ ਜਾ ਰਹੀਆਂ ਮੰਗਾਂ ਮੰਨਣ ’ਤੇ ਜ਼ੋਰ ਪਾਇਆ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ ਕਿਉਂਕਿ ਇਸ ਨਾਲ ਭਾਜਪਾ ਦਾ ਨੁਕਸਾਨ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਕਰਕੇ ਭਾਜਪਾ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਭਾਜਪਾ ਦੇ ਕੌਮੀ ਆਗੂਆਂ ਨੇ ਕਿਹਾ ਕਿ ਇਹ ਸਾਰਾ ਮਾਮਲਾ ਮਾਮਲਾ ਧਿਆਨ ਵਿਚ ਹੈ ਤੇ ਛੇਤੀ ਹੀ ਇਸ ਦਾ ਹੱਲ ਕੱਢ ਲਿਆ ਜਾਵੇਗਾ।