Punjab News: ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਹੁਕਮ
ਆਤਿਸ਼ ਗੁਪਤਾ
ਚੰਡੀਗੜ੍ਹ, 28 ਮਾਰਚ
ਪੰਜਾਬ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਆਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਉਨ੍ਹਾਂ ਦਾ ਸਮੇਂ ਸਿਰ ਹਲ ਕੱਢਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਪਣੇ ਇਲਾਕੇ ਦੇ ਸਿਹਤ ਕੇਂਦਰਾਂ, ਸਕੂਲਾਂ ਅਤੇ ਹੋਰ ਜਨਤਕ ਥਾਵਾਂ ਦੇ ਦੌਰੇ ਵੀ ਕਰਨਗੇ।
ਕੈਬਿਨਟ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਹਫਤੇ ਵਿੱਚ ਚਾਰ ਦਿਨ ਸ਼ਨਿਚਰਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਆਪੋ ਆਪਣੇ ਇਲਾਕਿਆਂ ਦਾ ਨਿਰੀਖਣ ਕਰਨਗੇ ਅਤੇ ਉਸ ਦੀ ਰਿਪੋਰਟ ਬਣਾ ਕੇ ਭੇਜਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਵੱਲੋਂ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਕੁਤਾਹੀ ਵਰਤੀ ਜਾਵੇਗੀ ਉਨ੍ਹਾਂ ਬਾਰੇ ਜਾਣਕਾਰੀ ਮਿਲਦੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।