Punjab News: ਬੱਸ ਅੱਡਿਆਂ ਨੂੰ ਠੇਕੇ ’ਤੇ ਦੇਵੇਗੀ ਪੰਜਾਬ ਸਰਕਾਰ
ਆਤਿਸ਼ ਗੁਪਤਾ
ਚੰਡੀਗੜ੍ਹ, 1 ਜਨਵਰੀ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ ’ਤੇ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧੀ ਅੱਜ ਚੰਡੀਗੜ੍ਹ ਵਿੱਚ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸ੍ਰੀ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਲੰਘੇ ਵਰ੍ਹੇ ਦੌਰਾਨ ਪੂਰਾ ਕੀਤਾ ਗਿਆ ਹੈ, ਉਸੇ ਤਰ੍ਹਾਂ ਨਵੇਂ ਵਰ੍ਹੇ ਵਿੱਚ ਵੀ ਟੀਚਿਆਂ ਨੂੰ ਹਾਸਲ ਕਰਦਿਆਂ ਸਰਕਾਰੀ ਮਾਲੀਏ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ ’ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਵੀ ਯਕੀਨੀ ਬਣਾਈ ਜਾ ਸਕੇ। ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਨਵੇਂ ਵਰ੍ਹੇ ਦੌਰਾਨ ਸੂਬੇ ਦੇ ਹਰੇਕ ਰੂਟ ਤੱਕ ਸਰਕਾਰੀ ਬੱਸ ਸੇਵਾ ਪਹੁੰਚਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਬਾਰੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਰੂਟਾਂ ’ਤੇ ਜ਼ਿਆਦਾਤਰ ਨਿੱਜੀ ਬੱਸਾਂ ਚੱਲਦੀਆਂ ਹਨ ਅਤੇ ਸਰਕਾਰੀ ਬੱਸ ਸੇਵਾ ਨਾਮਾਤਰ ਹੈ, ਉਨ੍ਹਾਂ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ ਅਤੇ ਨਿੱਜੀ ਬੱਸ ਅਪਰੇਟਰਾਂ ਦੀ ਮਨਮਰਜ਼ੀ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਨ੍ਹਾਂ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਨਹੀਂ ਹੈ, ਉਨ੍ਹਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਬਣਾ ਕੇ ਦਿੱਤੀ ਜਾਵੇ। ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਨਵੇਂ ਵਰ੍ਹੇ ਵਿੱਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀ ਫਲੀਟ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਵੀ ਦਿੱਤੇ। ਸ੍ਰੀ ਭੁੱਲਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਟੈਕਸ ਡਿਫ਼ਾਲਟਰਾਂ ਨੂੰ ਨੱਥ ਪਾਉਣ ਲਈ ਪ੍ਰਭਾਵੀ ਢੰਗ ਨਾਲ ਵਸੂਲੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਅਤੇ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਨੀਆਂ ਯਕੀਨੀ ਬਣਾਈਆਂ ਜਾਣ।