Punjab news ਪੰਜਾਬ ਸਰਕਾਰ ਦਾ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਤੋਂ ਯੂ-ਟਰਨ
ਹਰਦੀਪ ਸਿੰਘ
ਧਰਮਕੋਟ, 11 ਅਪਰੈਲ
Punjab news ‘ਆਪ’ ਸਰਕਾਰ ਦੀ ਸਕੂਲਾਂ ਵਿੱਚ ਚੱਲ ਰਹੀ ਉਦਘਾਟਨ ਕ੍ਰਾਂਤੀ ਨੂੰ ਵਿਰੋਧੀਆਂ ਵਲੋਂ ਨਿਸ਼ਾਨੇ ਉੱਤੇ ਲਏ ਜਾਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਅੱਜ ਤੋਂ ਸਕੂਲ ਪਖਾਨਿਆਂ ਦੇ ਉਦਘਾਟਨ ਪੱਥਰ ਰੱਖਣ ’ਤੇ ਰੋਕ ਲਗਾ ਦਿੱਤੀ ਹੈ।
ਸਿੱਖਿਆ ਵਿਭਾਗ ਵੱਲੋਂ ਅੱਜ ਤੜਕਸਾਰ ਇਕ ਟਵੀਟ ਕਰਕੇ ਸਕੂਲ ਮੁਖੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਆਦੇਸ਼ਾਂ ਵਿਚ ਲਿਖਿਆ ਗਿਆ ਹੈ ਕਿ ਸਕੂਲਾਂ ਵਿੱਚ ਅੱਜ ਹੋਣ ਵਾਲੇ ਬਾਕੀ ਈਵੈਂਟ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ, ਪਰ ਸਕੂਲਾਂ ਵਿੱਚ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨੀ ਪੱਥਰ ਨਹੀਂ ਲਗਾਏ ਜਾਣਗੇ।
ਚੇਤੇ ਰਹੇ ਕਿ ਵਿਰੋਧੀ ਧਿਰਾਂ, ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਅਕਾਲੀ ਆਗੂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਜਪਾ ਆਗੂ ਅਨਿਲ ਸਰੀਨ ਸਮੇਤ ਹੋਰਨਾਂ ਆਗੂਆਂ ਨੇ ਸਰਕਾਰ ਦੀ ਇਸ ਸਿੱਖਿਆ ਕ੍ਰਾਂਤੀ ਨੂੰ ਉਦਘਾਟਨ ਕ੍ਰਾਂਤੀ ਦਾ ਨਾਮ ਦਿੰਦਿਆਂ ‘ਆਪ’ ਸਰਕਾਰ ਦੀ ਘੇਰਾਬੰਦੀ ਕੀਤੀ ਸੀ।
ਆਪਣੀ ਇਸ ਕਿਰਕਿਰੀ ਨੂੰ ਭਾਂਪਦਿਆਂ ਸਿੱਖਿਆ ਵਿਭਾਗ ਨੇ ਹੁਣ ਪਖਾਨਿਆਂ ਦੇ ਉਦਘਾਟਨ ਮਾਮਲੇ ਵਿਚ ਯੂ-ਟਰਨ ਲੈ ਲਿਆ ਹੈ।